ਕੌਮੀ ਲੋਕ ਅਦਾਲਤਾਂ ’ਚ 4.54 ਲੱਖ ਕੇਸਾਂ ਦਾ ਨਿਬੇੜਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਚੌਥੀ ਕੌਮੀ ਲੋਕ ਅਦਾਲਤ ਲਗਾਈ ਗਈ। ਇਸ...
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਚੌਥੀ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੇ ਸਬ-ਡਿਵੀਜ਼ਨਾਂ ਵਿੱਚ ਕੁੱਲ 429 ਬੈਂਚਾਂ ਦਾ ਗਠਨ ਕਰ ਕੇ 5,11,015 ਕੇਸਾਂ ਦੀ ਸੁਣਵਾਈ ਕੀਤੀ ਗਈ। ਇਨ੍ਹਾਂ ਵਿੱਚੋਂ 4,54,466 ਕੇਸਾਂ ਦਾ ਨਿਬੇੜਾ ਕੀਤਾ ਗਿਆ ਅਤੇ 665 ਕਰੋੜ ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਅੱਜ ਹੁਸ਼ਿਆਰਪੁਰ ਵਿੱਚ ਲੋਕ ਅਦਾਲਤ ਨੇ ਇਕ ਜ਼ਮੀਨੀ ਵੰਡ ਸਬੰਧੀ 16 ਸਾਲ ਪੁਰਾਣੀ ਸਿਵਲ ਅਪੀਲ ਦਾ ਨਿਪਟਾਰਾ ਕੀਤਾ। ਇਹ ਕੇਸ ਸਾਲ 2009 ਵਿੱਚ ਸ਼ੁਰੂ ਹੋਇਆ ਸੀ। ਇਸ ਕੇਸ ਨੂੰ ਲੋਕ ਅਦਾਲਤ ਦੇ ਯਤਨ ਰਾਹੀਂ ਆਪਸੀ ਸਹਿਮਤੀ ਨਾਲ ਹੱਲ ਕਰ ਦਿੱਤਾ ਗਿਆ ਹੈ। ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਬੇੜਾ ਕੀਤਾ ਗਿਆ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਨੂੰ ਬੈਂਕਿੰਗ ਸੰਸਥਾਵਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਆਮ ਲੋਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜੋ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

