ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 41 ਸਾਥੀ ਅਦਾਲਤ ’ਚ ਪੇਸ਼
ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 41 ਸਾਥੀਆਂ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਵਿੱਚ ਉਹ ਅੱਠ ਵਿਅਕਤੀ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਰਾਸ਼ਟਰੀ ਸੁਰੱਖਿਆ ਐਕਟ ਹਟਾਏ ਜਾਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਹਾਲੇ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਨਾਂ ਨੂੰ ਫਰਵਰੀ 2023 ਵਿੱਚ ਹੋਏ ਅਜਨਾਲਾ ਪੁਲੀਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ 29 ਜੁਲਾਈ ਨੂੰ ਉਨ੍ਹਾਂ ਵਿਰੁੱਧ ਧਾਰਾ 307 (ਕਤਲ ਦੀ ਕੋਸ਼ਿਸ਼), ਧਾਰਾ 353 ਅਤੇ ਭਾਰਤੀ ਦੰਡਾਵਲੀ ਅਤੇ ਹਥਿਆਰ ਐਕਟ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਅਦਾਲਤ ਵਿੱਚ ਪੇਸ਼ ਹੋਏ ਵਿਅਕਤੀਆਂ ਦੇ ਵਕੀਲ ਰਿਤੁਰਾਜ ਸਿੰਘ ਸੰਧੂ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੇ ਅਦਾਲਤ ਸਾਹਮਣੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਅਤੇ ਹੁਣ ਮੁਕੱਦਮਾ ਦੋ ਅਗਸਤ ਨੂੰ ਅਗਲੀ ਸੁਣਵਾਈ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਅਜਨਾਲਾ ਥਾਣੇ ’ਤੇ ਹਮਲਾ ਕੀਤਾ ਸੀ। ਇਸ ਦੌਰਾਨ ਅੱਜ ਜਦੋਂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਨੇ ਮੀਡੀਆ ਨੂੰ ਦੇਖ ਕੇ ਅੰਮ੍ਰਿਤਪਾਲ ਦੇ ਨਸ਼ੀਲੇ ਪਦਾਰਥ ਲੈਣ ਦੇ ਪੁਲੀਸ ਦੇ ਦਾਅਵਿਆਂ ਦਾ ਖੰਡਨ ਕਰਦੇ ਹੋਏ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਕੁੱਟਿਆ ਗਿਆ ਅਤੇ ਸੈਂਕੜੇ ਕਾਗਜ਼ਾਂ ’ਤੇ ਦਸਤਖ਼ਤ ਕਰਵਾਉਣ ਲਈ ਮਜਬੂਰ ਕੀਤਾ ਗਿਆ।