ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਗਸਤ
ਪੰਜਾਬ ਸਰਕਾਰ ਵੱਲੋਂ ਕੰਪਰੈੱਸਡ ਬਾਇਓਗੈਸ (ਸੀਬੀਜੀ) ਪਲਾਂਟਾਂ ਵੱਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਪੇਡਾ ਵਿੱਚ ਸਮਾਗਮ ਤੋਂ ਬਾਅਦ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ’ਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਵਾਲੇ 42 ਸੀਬੀਜੀ ਪ੍ਰਾਜੈਕਟ ਅਲਾਟ ਕੀਤੇ ਗਏ ਹਨ। ਜਦੋਂ ਕਿ ਕੁੱਲ 33.23 ਟਨ ਸੀਬੀਜੀ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀਬੀਜੀ ਪਲਾਂਟ ਹਾਲ ਹੀ ਵਿਚ ਸੰਗਰੂਰ ਦੇ ਪਿੰਡ ਭੁਟਾਲ ਕਲਾਂ ਵਿੱਚ ਕਾਰਜਸ਼ੀਲ ਕੀਤਾ ਹੈ।