ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖ਼ਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕਰੈਡਿਟ ਲਿਮਿਟ (ਸੀਸੀਐੱਲ) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖ਼ਰੀਦ ਸੀਜ਼ਨ ਦਾ ਪਹਿਲਾ ਮਹੀਨਾ ਪੂਰਾ ਹੋਣ ’ਤੇ ਬੀਤੇ ਕੱਲ੍ਹ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਐੱਮਐੱਸਪੀ ਦੇ 20086 ਕਰੋੜ ਰੁਪਏ ਸਿੱਧੇ ਤੌਰ ’ਤੇ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 5.60 ਲੱਖ ਕਿਸਾਨਾਂ ਨੂੰ ਐੱਮਐੱਸਪੀ ਦਾ ਲਾਭ ਮਿਲ ਚੁੱਕਿਆ ਹੈ। ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖ਼ਰੀਦ, ਚੁਕਾਈ ਅਤੇ ਅਦਾਇਗੀਆਂ ਦੀ ਰੋਜ਼ਾਨਾ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਸੀਸੀਐੱਲ ਦੀ ਮਨਜ਼ੂਰੀ ਨਾਲ, ਐੱਮਐੱਸਪੀ ਭੁਗਤਾਨ ਨਿਰਵਿਘਨ ਜਾਰੀ ਰਹੇਗਾ।