ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਅਕਤੂਬਰ
ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਲਗਪਗ 33 ਹਜ਼ਾਰ ਕੈਦੀਆਂ ਵਿੱਚੋਂ 46 ਫ਼ੀਸਦ ਕੈਦੀ ਨਸ਼ੇ ਦੇ ਆਦੀ ਹਨ ਅਤੇ ਇਨ੍ਹਾਂ ਵਿੱਚੋਂ ਸਵੈ-ਇੱਛਾ ਨਾਲ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਨਾ ਮਾਤਰ ਹੈ। ਇਹ ਖੁਲਾਸਾ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਕਰਵਾਏ ਗਏ ਸਰਵੇਖਣ ਦੇ ਅੰਕੜਿਆਂ ਤੋਂ ਹੋਇਆ ਹੈ। ਇਹ ਜਾਣਕਾਰੀ ਅੱਜ ਇੱਥੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਹ ਇੱਥੇ ਅਚਨਚੇਤੀ ਕੇਂਦਰੀ ਜੇਲ੍ਹ ਵਿੱਚ ਛਾਪਾ ਮਾਰਨ ਲਈ ਪੁੱਜੇ ਸਨ।
ਜੇਲ੍ਹ ਵਿੱਚ ਛਾਪਾ ਮਾਰਨ ਮਗਰੋਂ ਉਨ੍ਹਾਂ ਜੇਲ੍ਹ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਹੈ ਅਤੇ ਕੈਦੀਆਂ ਨਾਲ ਵੀ ਗੱਲਬਾਤ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਜੇਲ੍ਹਾਂ ਨੂੰ ਸੁਧਾਰ ਘਰ ਵਜੋਂ ਤਿਆਰ ਕੀਤਾ ਜਾ ਰਿਹਾ ਹੈ। ਇਸ ਤਹਿਤ ਕੈਦੀਆਂ ਨੂੰ ਨਸ਼ਾ ਛੱਡਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਇਹ ਕੰਮ ਸਰਕਾਰ ਇੱਕ ਮਿਸ਼ਨ ਵਜੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਸੁਧਾਰਾਂ ਤਹਿਤ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪਰਿਵਾਰਕ ਮਿਲਣੀ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਮੋਬਾਈਲ ਨੈੱਟਵਰਕ ਜਾਮ ਕਰਨ ਲਈ ਅਤਿ ਆਧੁਨਿਕ ਤਕਨੀਕ ਆਰਐੱਫ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ । ਇਹ ਤਕਨੀਕ ਵਰਤਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਇਸ ਨਾਲ ਜੇਲ੍ਹਾਂ ਵਿੱਚੋਂ ਮੋਬਾਈਲ ਦੀ ਵਰਤੋਂ ਕਰਨ ’ਤੇ ਰੋਕ ਲੱਗ ਜਾਵੇਗੀ। ਕੈਦੀਆਂ ਤੇ ਹਵਾਲਾਤੀਆਂ ਦੀ ਤਲਾਸ਼ੀ ਲਈ ਹਰੇਕ ਜੇਲ੍ਹ ਵਿਚ ਬਾਡੀ ਸਕੈਨਰ ਲਾਏ ਜਾਣਗੇ। ਅਤਿ ਸੁਰੱਖਿਅਤ ਜੇਲ੍ਹਾਂ ਵਿੱਚ ਜਿਥੇ ਗੈਂਗਸਟਰ ਬੰਦ ਹਨ ,ਦੇ ਹਿੱਸੇ ਉੱਪਰ ਲੋਹੇ ਦੀ ਜਾਲੀ ਲਾਈ ਜਾਵੇਗੀ ਤਾਂ ਜੋ ਮੋਬਾਈ ਫੋਨ ਜਾਂ ਹੋਰ ਸਾਮਾਨ ਬਾਹਰੋਂ ਨਾ ਆ ਸਕੇ। ਇਸ ਤੋਂ ਇਲਾਵਾ ਗੈਂਗਸਟਰਾਂ ਦੀ ਰੋਜ਼ ਦੋ ਵਾਰ ਤਲਾਸ਼ੀ ਸ਼ੁਰੂ ਕੀਤੀ ਗਈ ਹੈ। ਤਲਾਸ਼ੀ ਲੈਣ ਵਾਲੀ ਟੀਮ ਨੂੰ ਲਗਾਤਾਰ ਬਦਲਿਆ ਜਾ ਰਿਹਾ ਹੈ । ਜੇਲ੍ਹ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਜੇਲ੍ਹ ਵਿੱਚ ਸੁਧਾਰਾਂ ਲਈ ਕੀਤੇ ਜਾ ਰਹੇ ਯਤਨਾਂ ਕਾਰਨ ਹੀ ਹੁਣ ਤਕ ਜੇਲ੍ਹਾਂ ਵਿੱਚੋਂ 3600 ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜੇਲ੍ਹ ਅਮਲੇ ਦੀ ਕਮੀ ਨੂੰ ਪੂਰਾ ਕਰਨ ਲਈ 800 ਜੇਲ੍ਹ ਵਾਰਡਨਾ ਦੀ ਸਿਖਲਾਈ ਚੱਲ ਰਹੀ ਹੈ ਅਤੇ ਅੱਠ ਸੌ ਹੋਰ ਵਾਰਡਨਾਂ ਦੀ ਭਰਤੀ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ।