ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੂਨ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਸੂਬੇ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਬੈਂਸ ਨੇ ਕਿਹਾ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ (ਮੇਨਜ਼) ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 44 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਨ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।