ਸੇਫ ਸਕੂਲ ਵਾਹਨ ਪਾਲਿਸੀ ਤਹਿਤ 4912 ਵਾਹਨਾਂ ਦੇ ਚਲਾਨ ਕੱਟੇ
ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਜਾਣ ਵਾਲੇ ਬੱਚਿਆ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ। ਸਰਕਾਰ ਵੱਲੋਂ ਮਾਰਚ 2022 ਤੋਂ ਅਗਸਤ 2025 ਤੱਕ ਸਾਢੇ ਤਿੰਨ ਸਾਲਾਂ ਦੌਰਾਨ ਪੰਜਾਬ ਭਰ ਵਿੱਚ 15,305 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 4912 ਵਾਹਨਾਂ ਦੇ ਚਲਾਨ ਕੱਟੇ ਗਏ ਜਦੋਂਕਿ 87 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਇਸ ਤਰ੍ਹਾਂ ਸਰਕਾਰ ਵੱਲੋਂ ਹਰੇਕ ਤੀਜੇ ਵਾਹਨ ’ਤੇ ਨਿਯਮਾਂ ਦੀ ਪਾਲਣਾ ਨਾ ਕਰਨ ਸਬੰਧੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਅਗਸਤ 2025 ਦੌਰਾਨ ਸੂਬੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸੂਬੇ ਭਰ ਵਿੱਚ 1,486 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 561 ਚਲਾਨ ਕੀਤੇ ਗਏ। ਸਮਾਜਿਕ ਸੁਰੱਖਿਆ ਵਿਭਾਗ ਨੇ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਕਮੇਟੀ ਬਣਾਈ ਹੋਈ ਹੈ। ਇਸ ਵਿੱਚ ਸਿੱਖਿਆ, ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲੀਸ ਦੇ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਸਮੇਂ-ਸਮੇਂ ’ਤੇ ਸ਼ਹਿਰ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੀ ਹੈ ਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਇਸ ਸਬੰਧੀ ਕੋਈ ਵੀ ਸਮੱਸਿਆ ਦੀ ਸੂਚਨਾ ਜ਼ਿਲ੍ਹਾ ਚਾਈਲਡ ਪ੍ਰੋਟੈਕਸਨ ਯੂਨਿਟ, ਚਾਈਲਡ ਵੈਲਫੇਅਰ ਕਮੇਟੀ ਜਾਂ ਚਾਈਲਡ ਹੈਲਪਲਾਈਨ 1098 ’ਤੇ ਦਿੱਤੀ ਜਾ ਸਕਦੀ ਹੈ।