DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ ਇਸ ਵਰ੍ਹੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਖੁੱਡੀਆਂ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ...
  • fb
  • twitter
  • whatsapp
  • whatsapp
Advertisement

ਚੰਡੀਗੜ੍ਹ, 10 ਜਨਵਰੀ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ’ਤੇ ਕਰਵਾਈ ਸੂਬਾ ਪੱਧਰੀ ਵਰਕਸ਼ਾਪ-ਕਮ-ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ੜਨ ਵਿਸ਼ਾਲ ਮਾਮਲਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਨ ਦੇ ਸ਼ਿਕਾਰ ਹੋ ਰਹੇ ਹਨ। ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਵਾਸਤੇ ਕੋਈ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ। ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮੰਤਵ ਲਈ ਵਿੱਤੀ ਸਾਲ 2023-24 ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ 23000 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਲ 2022 ਦੇ 49,922 ਤੋਂ ਘੱਟ ਕੇ 2023 ਵਿੱਚ 36,623 ਰਹਿ ਗਈਆਂ ਹਨ, ਜੋ 26 ਫ਼ੀਸਦ ਸਾਕਾਰਾਤਮਕ ਬਦਲਾਅ ਦੀ ਗਵਾਹੀ ਭਰਦੀ ਹੈ। ਪਹਿਲਾਂ ਸਬਸਿਡੀ ਦੀ ਸਹੂਲਤ ਭਾਰਤ ਸਰਕਾਰ ਦੇ 100 ਫ਼ੀਸਦ ਯੋਗਦਾਨ ਅਧੀਨ ਚੱਲ ਰਹੀ ਸੀ ਪਰ ਮੌਜੂਦਾ ਸਮੇਂ ਇਹ 60 ਫ਼ੀਸਦ ਕੇਂਦਰ ਤੇ 40 ਫ਼ੀਸਦ ਸੂਬੇ ਦੀ ਹਿੱਸੇਦਾਰੀ ਦੇ ਅਧਾਰ 'ਤੇ ਚਲਾਈ ਜਾ ਰਹੀ ਹੈ। ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਕੇਏਪੀ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਇਸ ਸਾਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮੁਹਿੰਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਦੋ ਫਸਲਾਂ (ਕਣਕ-ਝੋਨੇ) ਦੇ ਚੱਕਰ ਤੋਂ ਦੂਰ ਕਰਨ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੀਆਰਐੱਸਸੀ ਦੇ ਡਾਇਰੈਕਟਰ ਡਾ. ਬੀ. ਪਟੇਰੀਆ ਨੇ ਪਰਾਲੀ ਸਾੜਨ ਨਾਲ ਹਵਾ, ਮਿੱਟੀ ਦੀ ਗੁਣਵੱਤਾ ਦੇ ਨਾਲ-ਨਾਲ ਮਨੁੱਖੀ ਸਿਹਤ 'ਤੇ ਹੋਣ ਵਾਲੇ ਹਾਨੀਕਾਰਕ ਪ੍ਰਭਾਵ ’ਤੇ ਚਾਨਣਾ ਪਾਇਆ। ਭਾਰਤੀ ਖੇਤੀਬਾੜੀ ਖੋਜ ਸੰਸਥਾਨ ਨਵੀਂ ਦਿੱਲੀ ਦੇ ਪ੍ਰਮੁੱਖ ਵਿਗਿਆਨੀ ਡਾ. ਵਿਨੈ ਕੁਮਾਰ ਸਹਿਗਲ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਿੱਚ ਪੁਲਾੜ ਤਕਨਾਲੋਜੀ ਦੀ ਵਰਤੋਂ ਬਾਰੇ ਪੇਸ਼ਕਾਰੀ ਦਿੱਤੀ। ਗਰੁੱਪ ਹੈੱਡ ਡਾ. ਆਰਕੇ ਸੇਤੀਆ ਨੇ ਪੰਜਾਬ ਦੇ ਸੰਦਰਭ ਵਿੱਚ ਭੂ-ਸਥਾਨਕ ਤਕਨਾਲੋਜੀ ਦੀ ਭੂਮਿਕਾ ਅਤੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਗਰੁੱਪ ਹੈੱਡ ਡਾ. ਹਪਿੰਦਰ ਸਿੰਘ ਨੇ ਪੰਜਾਬ ਵਿੱਚ ਸੈਟੇਲਾਈਟ ਆਧਾਰਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਨਿਗਰਾਨੀ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ। ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਸਿਵਲ ਤੇ ਪੁਲੀਸ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਸਬੰਧਤ ਭਾਈਵਾਲਾਂ ਨਾਲ ਤਾਲਮੇਲ ਕਰਕੇ ਪਰਾਲੀ ਸਾੜਨ 'ਤੇ ਕਾਬੂ ਪਾਉਣ ਸਬੰਧੀ ਆਪਣੇ ਵਿਚਾਰ ਵੀ ਪੇਸ਼ ਕੀਤੇ।

Advertisement

Advertisement
×