ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ
ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਚ ਪਿੰਡ ਬਾਬੇ ਨਾਨਕ ਦੇ ਪ੍ਰਾਜੈਕਟ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਸਬੰਧੀ ਸੂਬਾ ਸਰਕਾਰ ਵੱਲੋਂ ਮੁੱਢਲੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ ਜਿਸ ਲਈ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਬਾਬੇ ਨਾਨਕ ਦੇ ਵਿਰਾਸਤੀ ਕੰਪਲੈਕਸ ਨੂੰ ਮੁਕੰਮਲ ਕਰਨ ਲਈ ਜਲਦੀ ਹੀ ਸਲਾਹਕਾਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਇਸ ਵਿਸ਼ਵ ਪੱਧਰੀ ਪ੍ਰਾਜੈਕਟ ਲਈ ਛੇਤੀ ਹੀ ਟੈਂਡਰ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਲਈ ਹਰ ਯਤਨ ਕਰੇਗੀ ਤੇ ਇਸ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।