ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਆਰਮਡ ਪੁਲੀਸ ਕੇਡਰ ਦੇ 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ ’ਤੇ ਤਰੱਕੀ ਦਿੱਤੀ ਹੈ। 60 ਪੁਲੀਸ ਮੁਲਾਜ਼ਮਾਂ ਦੀ ਇਸ ਤਰੱਕੀ ਮਗਰੋਂ ਹੁਣ ਪੰਜਾਬ ਪੁਲੀਸ ਦੇ ਸਾਰੇ ਆਰਮਡ ਵਿੰਗਾਂ ਵਿੱਚ ਇੰਸਪੈਕਟਰ ਰੈਂਕ ਦੀਆਂ ਲਗਪਗ ਸਾਰੀਆਂ ਅਸਾਮੀਆਂ ਭਰ ਗਈਆਂ ਹਨ। ਪੰਜਾਬ ਪੁਲੀਸ ਵੱਲੋਂ ਇਹ ਪਦਉੱਨਤੀਆਂ 95 ਮਹਿਲਾ ਮੁਲਾਜ਼ਮਾਂ ਸਣੇ 101 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਦੇ ਅਹੁਦੇ ’ਤੇ ਤਰੱਕੀ ਦੇਣ ਤੋਂ ਇੱਕ ਹਫ਼ਤੇ ਬਾਅਦ ਕੀਤੀਆਂ ਗਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਪਦਉੱਨਤ ਹੋਣ ਵਾਲੇ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੈੱਡ ਕਾਂਸਟੇਬਲ, ਸਹਾਇਕ ਸਬ-ਇੰਸਪੈਕਟਰ, ਸਬ-ਇੰਸਪੈਕਟਰ ਸਮੇਤ ਸੁਪਰਵਾਈਜ਼ਰੀ ਪੱਧਰ ’ਤੇ ਸਾਰੀਆਂ ਖਾਲੀ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ।