ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਅਕਤੂਬਰ
ਇੱਥੋਂ ਦੇ ਚੰਡੀਗੜ੍ਹ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਧੀਆਂ ਦੇ ਸਨਮਾਨ ਸਮਾਰੋਹ ਵਿੱਚ ਪੁੱਜੇ ਮਾਲ ਵਿਭਾਗ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਮਾਲ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ 700 ਪਟਵਾਰੀ ਹੋਰ ਭਰਤੀ ਕਰਨ ਦਾ ਐਲਾਨ ਵੀ ਕੀਤਾ। ਅਰੁਣਾ ਚੌਧਰੀ ਨੇ ਕਿਹਾ ਕਿ ਮਾਲ ਵਿਭਾਗ ਦੇ ਪਟਵਾਰੀ ਦਫ਼ਤਰ ਵਿੱਚ ਹਾਜ਼ਰ ਰਹਿ ਕੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਇਮਾਨਦਾਰੀ ਨਾਲ ਸਮੇਂ ਸਿਰ ਕਰਨ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਮਾਲ ਮੰਤਰੀ ਨੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਧੀਆਂ ਦਾ ਹੌਸਲਾ ਵਧਾਉਣ ਲਈ ਅਜਿਹੇ ਸਨਮਾਨ ਸਮਾਰੋਹ ਜਾਰੀ ਰਹਿਣਗੇ। ਉਨ੍ਹਾਂ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਸਤਵਿੰਦਰ ਕੌਰ ਬਿੱਟੀ ਨੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦਾ ਧੰਨਵਾਦ ਕੀਤਾ।