ਅਨਾਜ ਮੰਡੀ ’ਚ 700 ਕੁਇੰਟਲ ਬਾਸਮਤੀ ਦੀ ਖਰੀਦ
ਸੰਗਰੂਰ ਦੀ ਅਨਾਜ ਮੰਡੀ ਵਿਚ ਬਾਸਮਤੀ 1509 ਕਿਸਮ ਫਸਲ ਦੀ ਆਮਦ ਹੋ ਚੁੱਕੀ ਹੈ ਅਤੇ ਪ੍ਰਾਈਵੇਟ ਖਰੀਦਦਾਰਾਂ ਵਲੋਂ ਖਰੀਦ ਕੀਤੀ ਜਾ ਰਹੀ ਹੈ। ਪਿਛਲੇ ਚਾਰ ਕੁ ਦਿਨਾਂ ਦੌਰਾਨ 700 ਕੁਇੰਟਲ ਬਾਸਮਤੀ ਦੀ ਵਿਕਰੀ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ਼ਿਸਨ ਕੁਮਾਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਸਮਤੀ 1509 ਦੀ ਬੋਲੀ 3200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਹੋਈ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲਿਆਉਣ ਤਾਂ ਜੋ ਨਿਰਧਾਰਤ ਸਮੇਂ ਸੀਮਾ ਅੰਦਰ ਝੋਨੇ ਦੀ ਸਰਕਾਰੀ ਖਰੀਦ ਕਰਵਾ ਕੇ ਅਦਾਇਗੀ ਅਮਲ ਵਿੱਚ ਲਿਆਂਦੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਲਈ ਅਤੇ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਦੀ 24 ਘੰਟੇ ਵਿੱਚ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ।