ਆਈਟੀਆਈਜ਼ ਵਿੱਚ 814 ਨਵੇਂ ਟਰੇਡ ਸ਼ੁਰੂ
ਪੰਜਾਬ ਸਰਕਾਰ ਨੇ ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਲਈ ਅਤੇ ਨੌਜਵਾਨਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈਜ਼) ਵਿੱਚ 814 ਨਵੇਂ ਟਰੇਡ ਸ਼ੁਰੂ ਕਰ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਟਰੇਡ ਉਦਯੋਗ ਭਾਈਵਾਲਾਂ, ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈਐੱਮਸੀਜ਼) ਅਤੇ ਪੰਜਾਬ ਵਿਕਾਸ ਕਮਿਸ਼ਨ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਡਿਜ਼ਾਈਨ ਕੀਤੇ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਆਈਟੀਆਈਜ਼ ਦੀ ਸਮਰੱਥਾ ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਗਈ ਹੈ। ਸ੍ਰੀ ਬੈਂਸ ਨੇ ਕਿਹਾ ਕਿ ਸਾਲ 2023 ਵਿੱਚ 25,000 ਸੀਟਾਂ ਸਨ, ਜਿਸ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।