’84 ਪੀੜਤਾਂ ਵੱਲੋਂ Haryana CM Nayab Singh Saini ਨਾਲ ਮੁਲਾਕਾਤ
ਮੁੜ ਵਸੇਬੇ ਲਈ ਕੇਂਦਰ ਦੇ ਨਾਂ ਮੰਗ ਪੱਤਰ ਸੌਂਪਿਆ; ਨਵੰਬਰ 1984 ਦੀਆਂ ਘਟਨਾਵਾਂ ਨੂੰ ਨਸਲਕੁਸ਼ੀ ਐਲਾਨਣ ਦੀ ਮੰਗ
ਲੁਧਿਆਣਾ ਸਿੱਖ ਮਾਈਗਰੈਂਟਸ ਵੈਲਫੇਅਰ ਬੋਰਡ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰ ਕੇ ਨਵੰਬਰ 1984 ਦੇ ਪੀੜਤ ਸਿੱਖ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਵਿਨੀਤ ਪਾਲ ਸਿੰਘ ਮੋਂਗਾ ਅਤੇ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਜੀਤ ਕੌਰ ਰੂਬੀ ਨੇ ਕੀਤੀ। ਵਫ਼ਦ ਵਿੱਚ ਬੋਰਡ ਦੇ ਪ੍ਰਧਾਨ ਕੰਵਲਜੀਤ ਸਿੰਘ ਮੋਂਗਾ, ਅਮਰਜੀਤ ਸਿੰਘ ਅਤੇ ਸ਼ੰਮੀ ਭਗਤ ਵੀ ਸ਼ਾਮਲ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਨਾਂ ਸੌਂਪੇ ਗਏ ਇਸ ਮੰਗ ਪੱਤਰ ਵਿੱਚ ਪੀੜਤ ਪਰਿਵਾਰਾਂ ਦੇ ਜ਼ਮੀਨੀ ਪੱਧਰ ’ਤੇ ਮੁੜ ਵਸੇਬੇ ਦੀ ਮੰਗ ਕੀਤੀ ਗਈ। ਵਫ਼ਦ ਨੇ ਭਾਰਤ ਸਰਕਾਰ ਤੋਂ ਕੌਮੀ ਅਤੇ ਪੰਜਾਬ ਪੱਧਰ ਉੱਤੇ ਮਾਨਤਾ ਪ੍ਰਾਪਤ ਸਿੱਖ ਨਸਲਕੁਸ਼ੀ ਮਾਈਗ੍ਰੈਂਟ ਬੋਰਡ ਬਣਾਉਣ, 1984 ਦੇ ਸਿੱਖ ਕਤਲੇਆਮ ਨੂੰ ਦੰਗਿਆਂ ਦੀ ਬਜਾਏ ਕਤਲੇਆਮ, ਨਰਸੰਹਾਰ ਜਾਂ ਨਸਲਕੁਸ਼ੀ ਮੰਨਣ, ਪੀੜਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਦੋ ਲੱਖ ਤੋਂ ਵਧਾ ਕੇ ਪੰਜ ਲੱਖ ਰੁਪਏ ਕਰਨ, ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖਲੇ ਲਈ ਦੋ ਫ਼ੀਸਦੀ ਰਾਖਵਾਂਕਰਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਰਿਹਾਇਸ਼ੀ ਪਲਾਟ ਤੇ ਦੁਕਾਨਾਂ ਅਲਾਟ ਕਰਨ, ਘੱਟ ਵਿਆਜ ਦਰ ’ਤੇ ਬਿਨਾਂ ਗਾਰੰਟੀ ਕਰਜ਼ਾ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਦੀ ਮੰਗ ਵੀ ਕੀਤੀ।
ਮੁੱਖ ਮੰਤਰੀ ਸੈਣੀ ਨੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਇਹ ਮੰਗ ਪੱਤਰ ਕੇਂਦਰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਕੇਂਦਰ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਹੈ। ਇਸ ਮੌਕੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਸਿਰੋਪਾਓ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।

