84 ਪੀੜਤ ਬੀਬੀਆਂ ਵੱਲੋਂ ਆਤਮਦਾਹ ਦੀ ਚਿਤਾਵਨੀ
ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜੇ ਨਵੰਬਰ 1984 ਦੇ ਪੀੜਤਾਂ ਦੀਆਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਾ ਕੱਢਿਆ ਗਿਆ ਤਾਂ ਜਥੇਬੰਦੀ ਵੱਲੋਂ ਹਮਖਿਆਲ ਜਥੇਬੰਦੀਆਂ ਨਾਲ ਮਿਲਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਜਥੇਬੰਦੀ ਦੇ ਹੁਕਮ ਅਨੁਸਾਰ ਪੰਜ ਵਿਧਵਾ ਬੀਬੀਆਂ ਮੁੱਖ ਮੰਤਰੀ ਦੀ ਕੋਠੀ ਅੱਗੇ ਆਤਮਦਾਹ ਕਰਨ ਲਈ ਤਿਆਰ ਹਨ। ਇਹ ਐਲਾਨ ਨਵੰਬਰ ’84 ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ ਇੱਕ ਦੁੱਗਰੀ ਵਿੱਚ ਹੋਏ ਸਮਾਗਮ ਦੌਰਾਨ ਕੀਤਾ ਗਿਆ।
ਇਸ ਦੌਰਾਨ ਇਸ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਮ ਦੇ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਜਗਤਾਰ ਸਿੰਘ ਖਾਲਸਾ ਅਤੇ ਭਾਈ ਭੁਪਿੰਦਰ ਸਿੰਘ ਨੇ ਦਾ ਕੀਰਤਨ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕਤਲੇਆਮ ਦੇ 41 ਸਾਲ ਬਾਅਦ ਵੀ ਨਾ ਤਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਿਆ ਹੈ ਤੇ ਨਾ ਹੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਕੁਝ ਸਹੂਲਤਾਂ ਦਿੱਤੀਆਂ ਗਈਆਂ ਸਨ ਪਰ ਉਸ ਤੋਂ ਬਾਅਦ ਕਾਂਗਰਸ ਵੱਲੋਂ ਸਹੂਲਤਾਂ ਵਾਪਸ ਲੈਣ ਕਾਰਨ ਪਰਿਵਾਰਾਂ ਵਿੱਚ ਭਾਰੀ ਰੋਸ ਹੈ। ਸ੍ਰੀ ਭਗਵੰਤ ਮਾਨ ਸਰਕਾਰ ਵੱਲੋਂ ਜਥੇਬੰਦੀ ਨੂੰ ਛੇ ਵਾਰ ਸਮਾਂ ਦੇਣ ਦੇ ਬਾਵਜੂਦ ਮੀਟਿੰਗ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਆਰ ਪਾਰ ਦੀ ਲੜਾਈ ਲੜਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਐਲਾਨ ਕੀਤਾ ਕਿ ਜੇ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਦੇ ਹੁਕਮ ਅਨੁਸਾਰ ਪੰਜ ਵਿਧਵਾ ਬੀਬੀਆਂ ਮੁੱਖ ਮੰਤਰੀ ਦੀ ਕੋਠੀ ਅੱਗੇ ਆਤਮਦਾਹ ਕਰਨ ਲਈ ਤਿਆਰ ਹਨ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਭਾਈ ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਦਲਜੀਤ ਸਿੰਘ ਸੋਨੀ ਸਕੱਤਰ, ਇੰਦਰਪਾਲ ਸਿੰਘ, ਚਰਨਜੀਤ ਸਿੰਘ ਬੱਬਾ, ਹਰਪਾਲ ਸਿੰਘ, ਸਤਨਾਮ ਸਿੰਘ ਸੱਤਾ ਤੇ ਹਰਪ੍ਰੀਤ ਸਿੰਘ ਸਮੇਤ ਕਈ ਵਰਕਰ ਹਾਜ਼ਰ ਸਨ।
