ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟੀਫ਼ਿਕੇਸ਼ਨ ਦੀ ਕਾਪੀ ਅੱਜ ਅਧਿਆਪਕਾਂ ਦੇ ਪੰਜ ਮੈਂਬਰੀ ਵਫ਼ਦ ਨੂੰ ਸੌਂਪੀ। ਅਧਿਆਪਕਾਂ ਨੇ ਕਿਹਾ ਕਿ ਉਹ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ। ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਹੁਣ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਕਾਬਲ ਬਣਾਉਣ ਲਈ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿਚ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।