ਅੰਮ੍ਰਿਤਸਰ (ਟ੍ਰਿਬਿਊਨ ਨਿਉੂਜ਼ ਸਰਵਿਸ): ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਅੱਠ ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਪਾਕਿਸਤਾਨੀ ਸਫਾਰਤਖਾਨੇ ਵਲੋਂ 910 ਵੀਜ਼ੇ ਦਿੱਤੇ ਗਏ ਹਨ ਜਦੋਂਕਿ 586 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1496 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 586 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ। ਸਿੱਖ ਸ਼ਰਧਾਲੂਆਂ ਦਾ ਜਥਾ 6 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਰਵਾਨਾ ਕੀਤਾ ਜਾਵੇਗਾ। ਸ਼ਰਧਾਲੂ 8 ਨਵੰਬਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਗੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਅੰਮ੍ਰਿਤਸਰ ਤੋਂ ਪ੍ਰਾਪਤ ਕਰ ਸਕਦੇ ਹਨ।