ਦਿਲਬਾਗ ਗਿੱਲ
ਅਟਾਰੀ, 27 ਅਕਤੂਬਰ
ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿੱਚ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਅੱਜ ਭਾਰਤ ਤੋਂ 140 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਹਰਜੋਤ ਸ਼ਾਹ ਸਿੰਘ ਦਿੱਲੀ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜ ਗਿਆ ਹੈ। ਜਥੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 20 ਸ਼ਰਧਾਲੂ ਵੀ ਸ਼ਾਮਲ ਹਨ। ਰਵਾਨਾ ਹੋਣ ਤੋਂ ਪਹਿਲਾਂ ਹਰਜੋਤ ਸ਼ਾਹ ਸਿੰਘ ਨੇ ਦੱਸਿਆ ਕਿ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਮਨਾਉਣ ਲਈ ਛੇ ਦਿਨਾਂ ਦੇ ਵੀਜ਼ੇ ’ਤੇ ਚੱਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਜਥੇ ਵਿੱਚ ਸ਼ਾਮਲ ਸ਼ਰਧਾਲੂ ਸਿੱਖ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨ ਕਰਨ ਮਗਰੋਂ ਪਹਿਲੀ ਨਵੰਬਰ ਨੂੰ ਵਤਨ ਪਰਤ ਆਉਣਗੇ।