ਪੱਤਰ ਪ੍ਰੇਰਕ/ ਖੇਤਰੀ ਪ੍ਰਤੀਨਿਧ
ਮਾਨਸਾ/ ਪਟਿਆਲਾ, 18 ਮਾਰਚ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ 23 ਮਾਰਚ ਮੌਕੇ ਬਰਨਾਲਾ ’ਚ ਕਾਨਫਰੰਸ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਲੋਕ ਜਥੇਬੰਦੀਆਂ ਇਸ ਮੌਕੇ ਸਿਆਸੀ ਪਾਰਟੀਆਂ ਦੇ ਝੂਠੇ ਮਨੋਰਥ ਪੱਤਰਾਂ ਦੇ ਮੁਕਾਬਲੇ ਅਸਲ ਲੋਕ ਮੁੱਦਿਆਂ ਵਾਲਾ 30 ਨੁਕਾਤੀ ਏਜੰਡਾ ਪੇਸ਼ ਕਰਨਗੀਆਂ ਜਿਸ ਰਾਹੀਂ ਲੋਕ ਸੰਘਰਸ਼ ਨੂੰ ਤੇਜ਼ ਕਰਨ ਦਾ ਹੋਕਾ ਦਿੱਤਾ ਜਾਵੇਗਾ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਕਾਮਿਆਂ, ਮੁਲਾਜ਼ਮਾਂ, ਠੇਕਾ ਕਾਮਿਆਂ ਤੇ ਵਿਦਿਆਰਥੀਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਵੱਲੋਂ ਲਾਏ ਸਾਮਰਾਜਵਾਦ ਮੁਰਦਾਬਾਦ ਦੇ ਨਾਅਰੇ ਨੂੰ ਬੁਲੰਦ ਕੀਤਾ ਜਾਵੇਗਾ। ਪਿਛਲੇ ਤਿੰਨ ਦਹਾਕਿਆਂ ਤੋਂ ਸਾਮਰਾਜ ਪੱਖੀ ਨੀਤੀਆਂ ਕਿਰਤੀ ਲੋਕਾਂ ਦੀ ਜ਼ਿੰਦਗੀ ’ਚ ਤਬਾਹੀ ਦਾ ਕਾਰਨ ਬਣੀਆਂ ਹੋਈਆਂ ਹਨ। ਲੋਕ ਜਥੇਬੰਦੀਆਂ ਵੱਲੋਂ ਪੇਸ਼ ਕੀਤਾ ਜਾਣ ਵਾਲਾ 30 ਨੁਕਾਤੀ ਏਜੰਡਾ ਇਨ੍ਹਾਂ ਨੀਤੀਆਂ ਨੂੰ ਰੱਦ ਕਰਨ ਤੇ ਲੋਕਾਂ ਦੀ ਬਿਹਤਰੀ ਲਈ ਵਿੱਤੀ ਸੋਮੇ ਜੁਟਾਉਣ ਦੁਆਲੇ ਕੇਂਦਰਿਤ ਹੋਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਚੋਣਾਂ ਦੇ ਇਸ ਘੜਮੱਸ ਦਰਮਿਆਨ ਲੋਕ ਏਜੰਡੇ ਵਿਚਲੀਆਂ ਮੱਦਾਂ ਨੂੰ ਘਰ-ਘਰ ਜਾ ਕੇ ਦੱਸਿਆ ਜਾਵੇਗਾ। ਐਮਐਸਪੀ ਦੀ ਕਾਨੂੰਨੀ ਗਾਰੰਟੀ, ਸਰਕਾਰੀ ਖਰੀਦ ਤੇ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਸਾਮਰਾਜੀ/ਵੱਡੇ ਸਰਮਾਏਦਾਰਾਂ ਤੇ ਜਗੀਰਦਾਰਾਂ ਦੀ ਲੁੱਟ ਤੋਂ ਮੁਕਤ ਕਿਸਾਨ-ਮਜ਼ਦੂਰ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਵਰਗੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ।