ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਗਸਤ
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਨਸ਼ਿਆਂ ਨੂੰ ਰੋਕਣ ਲਈ ਸੂਬਾ ਪੱਧਰੀ ਨਾਰਕੋ ਤਾਲਮੇਲ ਸੈਂਟਰ (ਐੱਨਸੀਓਆਰਡੀ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸਾਂਝੀ ਰਣਨੀਤੀ ਉਲੀਕਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਆਈਜੀ ਪੱਧਰ ਦਾ ਨੋਡਲ ਅਫ਼ਸਰ ਨਾਮਜ਼ਦ ਕੀਤਾ ਜਾਵੇਗਾ, ਜੋ ਜੇਲ੍ਹਾਂ ਨਾਲ ਸਬੰਧਤ ਮਾਮਲਿਆਂ ਵਿੱਚ ਨਸ਼ਿਆਂ ਦੇ ਕਾਨੂੰਨ ਨੂੰ ਲਾਗੂ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਕਰੇਗਾ। ਜੰਜੂਆ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਪੱਬਾਂ ਤੇ ਰੈਸਟੋਰੈਂਟ ਵਿੱਚ ‘ਨਸ਼ਾ ਰੋਕੂ ਬੋਰਡ’ ਲਗਾਏ ਜਾਣ। ਉਨ੍ਹਾਂ ਕਿਹਾ ਕਿ ਐੱਨਸੀਬੀ ਦੇ ਤਾਲਮੇਲ ਨਾਲ ਸਾਰੇ ਵਿਭਾਗਾਂ ਅਤੇ ਨਸ਼ਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਲਈ ਸਿਖਲਾਈ ਸਮੇਤ ਸਮਰੱਥਾ ਨਿਰਮਾਣ ਪ੍ਰੋਗਰਾਮਾਂ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।