ਦਵਿੰਦਰ ਪਾਲ
ਚੰਡੀਗੜ੍ਹ, 28 ਅਪਰੈਲ
ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਨੇ ਅੱਜ ਧਰਨਾਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਲਾਹੁਣ ਲਈ ਝੂਠੀਆਂ ਅਫ਼ਵਾਹਾਂ ਦਾ ਸਹਾਰਾ ਲਿਆ ਜਾ ਰਿਹਾ ਹੈ।
ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਖੁਸ਼ਕ ਬੰਦਰਗਾਹ-ਰਾਏਪੁਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਕੇਂਦਰ ਸਰਕਾਰ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਇਸ ਵੇਲੇ ਅਫ਼ਵਾਹਾਂ ਤੋਂ ਸੁਚੇਤ ਰਹਿੰਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨੇ ਗਏ ਪ੍ਰੋਗਰਾਮਾਂ ’ਤੇ ਦ੍ਰਿੜਤਾ ਨਾਲ ਪਹਿਰਾ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਚੱਲਦੇ ਸੰਘਰਸ਼ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਸਾਹਮਣੇ ਆਉਂਦੀਆਂ ਹਨ। ਖਾਸ ਕਰ ਕਰੋਨਾ ਸੰਕਟ ਦੌਰਾਨ ਵਿਰੋਧੀ ਮੋਰਚੇ ਨੂੰ ਬਦਨਾਮ ਕਰਨ, ਖਿੰਡਾਉਣ ਲਈ ਹਰ ਹੀਲਾ ਵਰਤ ਰਿਹਾ ਹੈ। ਅਜਿਹੇ ਹਾਲਾਤ ਵਿੱਚ ਮੋਰਚੇ ਦੀ ਅਸੂਲੀ ਇੱਕਜੁਟਤਾ ਬਹੁਤ ਜ਼ਰੂਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਨੂੰ ਪੜਾਅਵਾਰ ਅੱਗੇ ਵਧਾਉਂਦਿਆਂ ਹੀ ਮੋਦੀ ਹਕੂਮਤ ਦੇ ਲੋਕ ਵਿਰੋਧੀ ਹੱਲੇ ਨੂੰ ਪਛਾੜਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਸੰਘਰਸ਼ ’ਚ ਪੂਰੇ ਜੋਰ ਸ਼ੋਰ ਨਾਲ ਸ਼ਾਮਲ ਹੋਣ, ਪਿੰਡ ਵਿੱਚੋਂ ਵਾਰੀ ਬੰਨ੍ਹ ਕੇ ਲਗਾਤਾਰ ਸੰਘਰਸ਼ ’ਚ ਸ਼ਾਮਲ ਹੋਣ, ਸੰਘਰਸ਼ ਹਿੱਤ ਵੱਧ ਤੋਂ ਵੱਧ ਫੰਡ ਇਕੱਠਾ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਇਪਟਾ ਮੋਗਾ ਦੀ ਨਾਟਕ ਟੀਮ ਵੱਲੋਂ ਚਰਚਿਤ ਨਾਟਕ ‘ਡਰਨਾ’ ਪੇਸ਼ ਕਰਕੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਪਿੰਡਾਂ ਵਿੱਚ ਵੀ ਨਾਟਕ ਖੇਡ ਕੇ ਲੋਕਾਂ ਨੂੰ ਸੰਘਰਸ਼ ਨਾਲ ਜੁੜਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਹਿਲੀ ਮਈ ਨੂੰ ਰੇਲ ਪਾਰਕ ਜਗਰਾਉਂ ਵਿੱਚ ਮਜ਼ਦੂਰ ਦਿਵਸ ਮਨਾਉਣ ਲਈ ਪੁੱਜਣ ਦੀ ਅਪੀਲ ਕੀਤੀ।