ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਹੀਦੀ ਹਫ਼ਤਾ ਪੰਥਕ ਇਕਜੁੱਟਤਾ ਨਾਲ ਮਨਾਉਣ ਦਾ ਸੱਦਾ

ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਨੂੰ ਹਫ਼ਤੇ ਦੌਰਾਨ ਸ਼ਹੀਦਾਂ ਨੂੰ ਯਾਦ ਕਰਨ ਦੀ ਅਪੀਲ
ਸਮਾਗਮ ਦੌਰਾਨ ਅਰਦਾਸ ਵਿੱਚ ਸ਼ਾਮਲ ਸਿੱਖ ਆਗੂ ਤੇ ਹੋਰ।
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 1 ਜੂਨ

Advertisement

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਭਲਕ ਤੋਂ ਸ਼ੁਰੂ ਹੋ ਰਹੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ। ਦਮਦਮੀ ਟਕਸਾਲ ਦੇ ਮੁਖੀ ਨੇ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਕੁਲਦੀਪ ਸਿੰਘ ਗੜਗੱਜ ਵਲੋਂ ਸਿੱਖ ਪੰਥ ਦੇ ਨਾਂਅ ਸੰਦੇਸ਼ ਜਾਰੀ ਕਰਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਸਥਿਤੀ ਵਿਚ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ ਅਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵੈਰਾਗਮਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਪਹਿਲੀ ਤੋਂ ਛੇ ਜੂਨ ਤੱਕ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਕੌਮ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨਾਂ ਉੱਤੇ ਵੱਧ ਤੋਂ ਵੱਧ ਖੋਜ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ।

ਹਵਾਰਾ ਕਮੇਟੀ ਵੱਲੋਂ ਅਰਦਾਸ ਸਮਾਗਮ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੂਨ 1984 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦਆਰਾ ਬਾਬਾ ਅਟੱਲ ਰਾਇ ਸਾਹਿਬ ਵਿੱਚ ਕੀਤਾ। ਇਸ ਦੇ ਨਾਲ ਹੀ ਘੱਲੂਘਾਰਾ ਹਫ਼ਤੇ ਦੀ ਆੰਰਭਤਾ ਵੀ ਹੋ ਗਈ ਹੈ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਹਰਿਸਿਮਰਨਜੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਅਖੰਡ ਕੀਰਤਨੀ ਜਥਾ, ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਪੰਥਕ ਸੇਵਕ ਜਥੇ ਦੇ ਮੈਂਬਰਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਦਵਿੰਦਰ ਸਿੰਘ ਭਰਾਤਾ ਸ਼ਹੀਦ ਮਹਿੰਗਾ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ, ਸਤਵੰਤ ਸਿੰਘ, ਹਰਦੀਪ ਸਿੰਘ ਸ਼ਾਮਲ ਹਨ। ਉਪਰੰਤ ਸੰਗਤੀ ਰੂਪ ਵਿਚ ਸਾਰੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼ਹੀਦਾਂ ਦੇ ਨਮਿਤ ਅਰਦਾਸ ਕੀਤੀ।

ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲੇਗਾ ਸ਼੍ੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦਾ ਵਿਰੋਧ ਕੀਤੇ ਜਾਣ ਦਾ ਐਲਾਨ ਕੀਤਾ ਹੈ। ਇਸ ਮਗਰੋਂ ਪੈਦਾ ਹੋਈ ਸੰਕਟ ਦੀ ਸਥਿਤੀ ਨੂੰ ਹੱਲ ਕਰਨ ਵਾਸਤੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ। ਸਿੱਖ ਸੰਸਥਾ ਸ਼੍ੋਮਣੀ ਕਮੇਟੀ ਚਾਹੁੰਦੀ ਹੈ ਕਿ ਘੱਲੂਘਾਰਾ ਦਿਵਸ ਨੂੰ ਸ਼ਾਂਤਮਈ ਢੰਗ ਨਾਲ ਮਨਾਇਆ ਜਾਵੇ। ਇਹ ਵਫ਼ਦ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।

Advertisement