ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਇਸ ਦੀ ਫੋਟੋ ਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲੇ ਵਿਅਕਤੀ ਖਿਲਾਫ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਪਰ ਇਸ ਮਾਮਲੇ ਵਿਚ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਥਾਣਾ ਈ-ਡਿਵੀਜ਼ਨ ਦੀ ਪੁਲੀਸ ਵੱਲੋਂ ਆਈਪੀਸੀ ਦੀ ਧਾਰਾ 153-ਏ ਹੇਠ ਕਰਮਜੀਤ ਸਿੰਘ ਗਿੱਲ ਵਾਸੀ ਅਮਨ ਐਵੀਨਿਊ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਇਆ ਅਤੇ ਉਸ ਨੇ ਸਰੋਵਰ ਵਿੱਚ ਇਸ਼ਨਾਨ ਕਰਨ ਮਗਰੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਲਈ ਜਦਕਿ ਜਗਦੀਸ਼ ਟਾਈਟਲਰ ਨਵੰਬਰ 1984 ਸਿੱਖ ਕਤਲੇਆਮ ਲਈ ਦੋਸ਼ੀ ਹੈ। ਇਸ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਨਹੀਂ ਟੇਕਿਆ ਜਿਸ ਤੋਂ ਸਪਸ਼ਟ ਹੈ ਕਿ ਅਜਿਹਾ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। -ਟਨਸ