ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸੁਪਰੀਮ ਕੋਰਟ ਦਾ ਚੀਫ਼ ਜਸਟਿਸ ਦੱਸ ਕੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਨੂੰ ਫੋਨ ਕਰਨ ਅਤੇ ਇੱਕ ਹਵਾਲਾਤੀ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਸਥਾਨਕ ਪੁਲੀਸ ਨੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹੁਕਮ ਨਾ ਮੰਨਣ ਦੀ ਹਾਲਤ ਵਿੱਚ ਸਖ਼ਤ ਕਾਰਵਾਈ ਦੇ ਸਿੱਟੇ ਭੁਗਤਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਥਾਣੇਦਾਰ ਸਤਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਗੁਰਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਚੀਫ਼ ਜਸਟਿਸ ਸੁਪਰੀਮ ਕੋਰਟ ਬਣ ਕੇ ਆਪਣੇ ਮੋਬਾਈਲ ਫੋਨ ਤੋਂ ਜੇਲ੍ਹ ਅਧਕਾਰੀਆਂ ਨੂੰ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਵਰਿੰਦਰ ਠਾਕੁਰ ਉਰਫ਼ ਵਿੱਕੀ ਨਾਂ ਦਾ ਇੱਕ ਹਵਾਲਾਤੀ ਹੈ, ਜਿਸ ਨੂੰ ਹਾਈ ਸਕਿਓਰਿਟੀ ਜ਼ੋਨ ਵਿੱਚ ਰੱਖਿਆ ਗਿਆ ਹੈ। ਉਕਤ ਵਿਅਕਤੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਧਮਕਾਇਆ ਕਿ ਜੇਕਰ ਵਰਿੰਦਰ ਠਾਕੁਰ ਨੂੰ ਹਾਈ ਸਕਿਓਰਿਟੀ ਜ਼ੋਨ ’ਚੋਂ ਬਾਹਰ ਨਾ ਕੱਢਿਆ ਤਾਂ ਉਹ ਐੱਸਸੀ ਕਮਿਸ਼ਨ ਕੋਲ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਸ਼ਿਕਾਇਤ ਕਰੇਗਾ। ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਜੇਲ੍ਹ ਅਧਿਕਾਰੀਆਂ ’ਤੇ ਉਸ ਦਾ ਹੁਕਮ ਮੰਨਣ ਲਈ ਦਬਾਅ ਪਾਇਆ ਗਿਆ ਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਿੱਟੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ। ਥਾਣੇਦਾਰ ਸਤਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਡਿਵੀਜ਼ਨ ਨੰਬਰ 7 ਨੇ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।