ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਸਤੰਬਰ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਵਿਭਾਗ ਵਿੱਚੋਂ ਗਾਇਬ ਹੋਣ ਦੇ ਸਬੰਧ ਵਿੱਚ ਚੰਡੀਗੜ੍ਹ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਹ ਕੇਸ ਥਾਣਾ ਸੈਕਟਰ-3 ਦੀ ਪੁਲੀਸ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਵਿਭਾਗ ਦੀ ਸੁਪਰਟੈਂਡੇਟ ਰਾਮਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਹੈ।
ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਵਿਭਾਗ ਦੇ ਕੁਝ ਦਸਤਾਵੇਜ਼ ਚੋਰੀ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੋਇਆ ਹੈ।
ਇਸੇ ਮਾਮਲੇ ਨਾਲ ਸਬੰਧਤ ਵਿਭਾਗ ਦੀਆਂ ਦੋ ਫਾਈਲਾਂ ਪਿਛਲੇ ਕੁਝ ਸਮੇਂ ਤੋਂ ਵਿਭਾਗ ਵਿੱਚੋਂ ਗਾਇਬ ਸਨ। ਉਸ ਸਬੰਧੀ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਪੁਲੀਸ ਕੋਲੋਂ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ। ਥਾਣਾ ਸੈਕਟਰ-3 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।