ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਫਰਵਰੀ
ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਇੱਥੇ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮਾਗਮ ਕਰਵਾਏ ਗਏ। ਸਮਾਗਮਾਂ ਦੌਰਾਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਵਿੱਚ ਹਾਜ਼ਰੀ ਭਰੀ। ਉਹ ਬੀਤੇ ਦਿਨ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਗਏ ਸਨ। ਇਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ। ਇਸ ਸਬੰਧੀ ਪੰਡਾਲ ਉਸ ਇਤਿਹਾਸਕ ਜੰਡ ਦੇ ਨੇੜੇ ਸਜਾਇਆ ਗਿਆ, ਜਿੱਥੇ ਸਾਕਾ ਨਨਕਾਣਾ ਸਾਹਿਬ ਵੇਲੇ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ ਸੀ। ਇਸ ਵਾਰ ਸਾਕੇ ਦਾ 101ਵਾਂ ਵਰ੍ਹਾ ਮਨਾਇਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ਦੌਰਾਨ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ 21 ਫਰਵਰੀ 1921 ਨੂੰ ਸਿੱਖ ਗੁਰਧਾਮਾਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਸਿੱਖਾਂ ਨੇ ਆਪਣੀਆਂ ਜਾਨਾਂ ਵਾਰੀਆਂ ਸਨ। ਇਨ੍ਹਾਂ ਸ਼ਹੀਦਾਂ ਦੀ ਬਦੌਲਤ ਅੱਜ ਗੁਰਦੁਆਰਿਆਂ ਦਾ ਪ੍ਰਬੰਧ ਸੰਗਤ ਦੇ ਹੱਥਾਂ ਵਿਚ ਹੈ। ਇਸ ਮੌਕੇ ਪੀਜੀਪੀਸੀ ਦੇ ਪ੍ਰਧਾਨ ਆਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਔਕਾਫ ਬੋਰਡ ਦੇ ਅਧਿਕਾਰੀ ਇਮਰਾਨ ਗੌਂਦਲ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਡਾ. ਮਹੀਪਾਲ ਸਿੰਘ ਤੇ ਹੋਰ ਸਥਾਨਕ ਅਧਿਕਾਰੀ ਤੇ ਸਿੱਖ ਸੰਗਤ ਹਾਜ਼ਰ ਸੀ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਮਗਰੋਂ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਨੇ ਕੀਰਤਨ ਕੀਤਾ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਨ੍ਹਾਂ ਸ਼ਹੀਦਾਂ ਤੋਂ ਸੇਧ ਲੈ ਕੇ ਕੌਮੀ ਭਵਿੱਖ ਦੀਆਂ ਤਰਜ਼ੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।