ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 21 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਐੱਮਐੱਸਪੀ ਉੱਪਰ ਕਮੇਟੀ ਬਣਾਉਣ ਦੇ ਮਾਮਲੇ ਨੂੰ ਮੋਦੀ ਹਕੂਮਤ ਵੱਲੋਂ ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਵਿੱਚ ਫੁੱਟ ਪਾਉਣ ਦੀ ਸਾਜਿਸ਼ ਕਰਾਰ ਦਿੱਤਾ ਹੈ। ਸੀਨੀਅਰ ਆਗੂ ਮਨਜੀਤ ਧਨੇਰ, ਗੁਰਦੀਪ ਸਿੰਘ ਰਾਮਪੁਰਾ, ਰਾਮ ਸਿੰਘ ਮਟੋਰੜਾ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਅਸਲ ਵਿੱਚ ਐੱਮਐੱਸਪੀ ਕਮੇਟੀ ਕਿਸਾਨ ਘੋਲ ਦੀਆਂ ਪ੍ਰਾਪਤੀਆਂ ਬਾਰੇ ਘਚੋਲਾ ਖੜ੍ਹਾ ਕਰਨ ਅਤੇ ਕਾਰਪੋਰੇਟ ਏਜੰਡੇ ਨੂੰ ਲਾਗੂ ਕਰਨ ਲਈ ਕੇਂਦਰ ਦੀ ਸਾਜ਼ਿਸ਼ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨੂੰ ਐੱਮਐੱਸਪੀ ’ਤੇ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦਾ ਮਸ਼ਵਰਾ ਦਿੰਦਿਆ, ਘੋਲ ਨੂੰ ਅੱਗੇ ਸਹੀ ਦਿਸ਼ਾ ਵੱਲ ਵਧਾਉਣ ਬਾਰੇ ਕਿਹਾ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਕਮੇਟੀ ਦੇ ਨਾਂ ’ਤੇ ਕਿਸਾਨਾਂ ਨਾਲ ਮੁੜ ਧੋਖਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਨੋਟੀਫਿਕੇਸ਼ਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਸ਼ੰਕੇ ਸੱਚ ਸਿੱਧ ਹੋਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਕਮੇਟੀ ਵਿੱਚ ਸ਼ਾਮਲ ਕੀਤਾ ਚੇਅਰਮੈਨ, ਮਾਹਿਰ ਤੇ ਅਖੌਤੀ ਕਿਸਾਨ ਆਗੂ ਸਭ ਭਾਜਪਾ ਜਾਂ ਆਰਐੱਸਐੱਸ ਨਾਲ ਸਬੰਧਤ ਹਨ ਤੇ ਖੇਤੀ ਕਾਨੂੰਨਾਂ ਦੀ ਪੁਰਜ਼ੋਰ ਵਕਾਲਤ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਰਫ਼ ਤਿੰਨ ਕਿਸਾਨ ਆਗੂਆਂ ਲਈ ਹੀ ਥਾਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਵਾਰ ਫਿਲਮ ਪਿਛਲੇ ਦਰਵਾਜ਼ੇ ਰਾਹੀਂ ਤਿੰਨੇ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਵਿੱਚ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨੂੰ ਸਲਾਹ ਦਿੱਤੀ ਕਿ ਐੱਮਐੱਸਪੀ ਸਮੇਤ ਮੋਰਚੇ ਦੀਆਂ ਬਕਾਇਆ ਮੰਗਾਂ ’ਤੇ ਜ਼ੋਰਦਾਰ ਢੰਗ ਨਾਲ ਪ੍ਰਚਾਰ ਮੁਹਿੰਮ ਵਿੱਢਣ ਸਮੇਤ ਘੋਲ ਨੂੰ ਸਹੀ ਦਿਸ਼ਾ ਵੱਲ ਅੱਗੇ ਵਧਾਇਆ ਜਾਵੇ।