ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਫਰਵਰੀ
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਵਫ਼ਦ ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਰਾਕੇਸ਼ ਟਿਕੈਤ ਨੂੰ ਗਾਜ਼ੀਪੁਰ ਬਾਰਡਰ ’ਤੇ ਮਿਲਿਆ। ਸ੍ਰੀ ਸਾਹਨੀ ਨੇ ਦੱਸਿਆ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਹੋਈ ਮੁਲਾਕਾਤ ਦੌਰਾਨ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ, ਹਰਿਆਣਾ, ਉਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵਿਚ ਮੁੜ ਤੋਂ ਪੈਦਾ ਹੋਏ ਜੋਸ਼ ਨੂੰ ਬਰਕਰਾਰ ਰੱਖਣ ਤੇ ਭਵਿੱਖ ਦੀਆਂ ਰਣਨੀਤੀਆਂ ਤੈਅ ਕਰਨ ਬਾਰੇ ਚਰਚਾ ਹੋਈ ਤਾਂ ਜੋ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਅੰਦੋਲਨ ਨੂੰ ਹੋਰ ਵੀ ਤਾਕਤ ਮਿਲੇ। ਉਨ੍ਹਾਂ ਦੱਸਿਆ ਕਿ ਪੰਜਾਬ ਨਾਲ ਸਬੰਧਤ ਮਸਲੇ ਵੀ ਸ੍ਰੀ ਟਿਕੈਤ ਨਾਲ ਵਿਚਾਰੇ ਗਏ, ਜਿਨ੍ਹਾਂ ’ਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੀਟਿੰਗਾਂ ਵਿਚ ਚਰਚਾ ਕੀਤੀ ਜਾਵੇਗੀ। ਸ੍ਰੀ ਟਿਕੈਤ ਦੇ ਸਾਥੀ ਯੁੱਧਵੀਰ ਸਿੰਘ ਵੀ ਮੌਜੂਦ ਸਨ।