ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਅਕਤੂਬਰ
ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਸਮੇਂ ਜੋਧਪੁਰ ’ਚ ਨਜ਼ਰਬੰਦ ਸਿੱਖਾਂ ਦੇ ਵਫ਼ਦ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਹੈ ਕਿ ਜੋਧਪੁਰ ਨਜ਼ਰਬੰਦਾਂ ’ਚੋਂ ਬਾਕੀ ਰਹਿੰਦੇ 325 ਸਿੱਖਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧੀ ਅੱਜ ਨਜ਼ਰਬੰਦ ਸਿੱਖਾਂ ਵਿੱਚ ਸ਼ਾਮਲ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਜੋਧਪੁਰ ਨਜ਼ਰਬੰਦ ਸਿੱਖਾਂ ਦਾ ਵਫ਼ਦ ਉਪ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਿਆ ਤੇ ਮੰਗ ਪੱਤਰ ਦਿੱਤਾ ਹੈ। ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਵੱਲੋਂ ਇਸ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਦਾਲਤ ਦੇ ਆਦੇਸ਼ ’ਤੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ 40 ਜੋਧਪੁਰ ਨਜ਼ਰਬੰਦ ਸਿੱਖਾਂ ਨੂੰ ਲਗਪਗ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਸ੍ਰੀ ਭੋਮਾ ਨੇ ਦੱਸਿਆ ਕਿ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਸਮੇਂ 365 ਸਿੱਖ ਨੌਜਵਾਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਕੇ ਜੋਧਪੁਰ ਦੀ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਸੀ। ਇਹ ਕੇਂਦਰ ਸਰਕਾਰ ਵੱਲੋਂ ਕੇਸ ਵਾਪਸ ਲੈਣ ਮਗਰੋਂ 1989 ਵਿਚ ਬਿਨਾਂ ਸ਼ਰਤ ਰਿਹਾਅ ਹੋਏ ਸਨ। ਰਿਹਾਈ ਤੋਂ ਬਾਅਦ ਉਨ੍ਹਾਂ ਸਥਾਨਕ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ। ਕੁਝ ਗ਼ਰੀਬੀ ਕਾਰਨ ਇਹ ਕੇਸ ਦਾਇਰ ਨਹੀਂ ਸੀ ਕਰ ਸਕੇ। ਅਦਾਲਤ ਦੇ ਹੁਕਮਾਂ ’ਤੇ 2018 ਵਿਚ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ 10 ਲੱਖ ਰੁਪਏ ਤੋਂ ਵੱਧ ਦਾ ਮੁਆਵਜ਼ਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਬਾਕੀ ਰਹਿ ਗਏ 325 ਨਜ਼ਰਬੰਦਾਂ ਦੇ ਪਰਿਵਾਰਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਇਸ ਵਫਦ ਵਿਚ ਬਾਬਾ ਮਨਮੋਹਨ ਸਿੰਘ, ਕੁਲਬੀਰ ਸਿੰਘ ਗੰਡੀਵਿੰਡ ਤੇ ਹੋਰ ਸ਼ਾਮਲ ਸਨ।