ਪੱਤਰ ਪ੍ਰੇਰਕ
ਚੰਡੀਗੜ੍ਹ, 23 ਦਸੰਬਰ
ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ 19 ਦਸੰਬਰ ਨੂੰ ਮੋਤੀ ਮਹਿਲ ਦੇ ਬਾਹਰ ਕੀਤੇ ਘਿਰਾਓ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਮੁਤਾਬਕ ਅੱਜ ਅਧਿਆਪਕਾਂ ਦੇ ਵਫ਼ਦ ਦੀ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕਰਵਾਈ ਗਈ। ਈਟੀਟੀ ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਰਨੈਲ ਨਾਗਰਾ, ਨਿਰਮਲ ਜ਼ੀਰਾ, ਗੁਰਪ੍ਰੀਤ ਗੁਰਾਇਆ, ਹਰਬੰਸ, ਸੁਖਚੈਨ ਪਟਿਆਲਾ ਨੇ ਦੱਸਿਆ ਕਿ ਓਐੱਸਡੀ ਸੰਧੂ ਨੇ ਵਿਸ਼ਵਾਸ ਦਿਵਾਇਆ ਕਿ ਭਲਕੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਵਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਨਾ ਕੀਤਾ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।