ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਅਪਰੈਲ
ਉਤਰਾਖੰਡ ਵਿੱਚ ਗੁਰਦੁਆਰਾ ਗਿਆਨ ਗੋਦੜੀ ਦੀ ਸਥਾਪਨਾ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾਇਰਡ) ਗੁਰਮੀਤ ਸਿੰਘ ਨਾਲ ਦੇਹਰਾਦੂਨ ਵਿੱਚ ਮਿਲਿਆ ਤੇ ਉਨ੍ਹਾਂ ਇਸ ਮਸਲੇ ਦਾ ਹੱਲ ਤੁਰੰਤ ਕਰਨ ਸਬੰਧੀ ਮੰਗ ਪੱਤਰ ਸੌਂਪਿਆ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਭਾਈ ਰਾਜਿੰਦਰ ਸਿੰਘ ਮਹਿਤਾ, ਸਿੱਖ ਮਿਸ਼ਨ ਰਾਏਪੁਰ ਦੇ ਇੰਚਾਰਜ ਗੁਰਮੀਤ ਸਿੰਘ ਸੈਣੀ ਅਤੇ ਵਿਸਾਖਾਪਟਨਮ ਦੇ ਸਿੱਖ ਆਗੂ ਡਾ. ਡੀਐੱਸ ਆਨੰਦ ਸ਼ਾਮਲ ਸਨ।
ਵਫ਼ਦ ਦੇ ਆਗੂਆਂ ਨੇ ਉਤਰਾਖੰਡ ਦੇ ਰਾਜਪਾਲ ਨੂੰ ਸਿੱਖਾਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦਾ ਮਸਲਾ ਹੱਲ ਕਰਨ ਲਈ ਦਖ਼ਲ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਗਿਆਨ ਗੋਦੜੀ ਦੇ ਮਾਮਲੇ ਬਾਰੇ ਗੰਭੀਰ ਹੈ ਅਤੇ ਇਸ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ। ਅੱਜ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਉਤਰਾਖੰਡ ਦੇ ਰਾਜਪਾਲ ਨੂੰ ਮਿਲ ਕੇ ਮੰਗ ਕੀਤੀ ਗਈ ਹੈ ਕਿ ਹਰਿ ਕੀ ਪਓੜੀ ਦੇ ਸਥਾਨ ’ਤੇ ਗੁਰਦੁਆਰਾ ਗਿਆਨ ਗੋਦੜੀ ਨੂੰ ਪੁਨਰ ਸਥਾਪਤ ਕੀਤਾ ਜਾਵੇ, ਤਾਂ ਜੋ ਸਿੱਖ ਕੌਮ ਦੇ ਇਸ ਇਤਿਹਾਸਕ ਅਸਥਾਨ ਦਾ ਸਿੱਖ ਭਾਵਨਾਵਾਂ ਅਨੁਸਾਰ ਮਸਲਾ ਹੱਲ ਹੋ ਸਕੇ। ਉਨ੍ਹਾਂ ਦੱਸਿਆ ਕਿ ਉਤਰਾਖੰਡ ਦੇ ਰਾਜਪਾਲ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਮੰਗ ਨੂੰ ਸੰਜੀਦਗੀ ਨਾਲ ਲੈਂਦਿਆਂ ਮਾਮਲੇ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਦਾ ਸਨਮਾਨ ਵੀ ਕੀਤਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਆਪਣੇ ਜਨਰਲ ਇਜਲਾਸਾਂ ਦੌਰਾਨ ਮਤੇ ਪਾਸ ਕੇ ਭਾਰਤ ਅਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਮੰਗ ਪੱਤਰ ਭੇਜ ਕੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਦੇ ਜਲਦ ਹੱਲ ਦੀ ਅਪੀਲ ਕਰ ਚੁੱਕੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਕਈ ਆਗੂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਨੂੰ ਵੀ ਮਿਲ ਚੁੱਕੇ ਹਨ।