ਪੱਤਰ ਪ੍ਰੇਰਕ
ਤਰਨ ਤਾਰਨ, 17 ਸਤੰਬਰ
ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਨੇ ਪਾਕਿਸਤਾਨ ਵਿਚਲੇ ਜੰਗਲੀ ਜਾਨਵਰਾਂ ਵੱਲੋਂ ਸਰਹੱਦੀ ਖੇਤਰ ਅੰਦਰ ਲੱਗੀ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ’ਚ ਲੱਗੀਆਂ ਫ਼ਸਲਾਂ ਦਾ ਨੁਕਸਾਨ ਕਰਨ ਤੋਂ ਬਚਾਉਣ ਸਬੰਧੀ ਸਥਾਨਕ ਪ੍ਰਸ਼ਾਸਨਕ ਅਧਿਕਾਰੀਆਂ ਨੂੰ ਤੁਰੰਤ ਕੋਈ ਹੱਲ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਭੂਰਾ ਨੇ ਅੱਜ ਇਥੇ ਦੱਸਿਆ ਕਿ ਜਥੇਬੰਦੀ ਨੇ ਇਸ ਸਮੱਸਿਆ ਦਾ ਹੱਲ ਕੀਤੇ ਜਾਣ ਦੀ ਮੰਗ ਤਹਿਤ ਡਿਪਟੀ ਕਮਿਸ਼ਨਰ, ਬੀਐੱਸਐੱਫ਼ ਦੇ ਸਮਰੱਥ ਅਧਿਕਾਰੀਆਂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਅਪੀਲ ਕੀਤੀ ਹੈ, ਪਰ ਕਿਸੇ ਵੱਲੋਂ ਵੀ ਉਨ੍ਹਾਂ ਦੀ ਇਸ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਦੀ 21,300 ਏਕੜ ਜ਼ਮੀਨ ਕੰਡਿਆਲੀ ਤਾਰ ਦੇ ਪਾਰ ਹੈ, ਜਿਸ ਵਿੱਚ ਉਹ ਛੋਟੀ ਘੱਟ ਉੱਚੀਆਂ ਫ਼ਸਲਾਂ ਹੀ ਬੀਜ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦਾ ਹੱਲ ਕੰਢਣ ਲਈ ਸਰਕਾਰ ਤੇ ਸੂਬੇ ਦੇ ਰਾਜਪਾਲ ਵੱਲੋਂ ਉਨ੍ਹਾਂ ਨੂੰ ਵਿਚਾਰ-ਵਟਾਂਦਰਾ ਕਰਨ ਲਈ ਸਮਾਂ ਦਿੱਤਾ ਜਾਵੇ।