ਅਸ਼ਵਨੀ ਗਰਗ
ਸਮਾਣਾ, 18 ਜੂਨ
ਸਥਾਨਕ ਤਹਿਸੀਲ ਰੋਡ ’ਤੇ ਬੀਤੀ ਰਾਤ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਰੋਡ ’ਤੇ ਕਰੇਜ਼ੀ ਕੁਲੈਕਸ਼ਨ ਨਾਂ ਦੀ ਦੁਕਾਨ ਦੇ ਮਾਲਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰ ਕੇ ਪਿੰਡ ਗਿਆ ਪਹੁੰਚਿਆ ਹੀ ਸੀ ਕਿ ਬਾਜ਼ਾਰ ਦੇ ਇਕ ਦੁਕਾਨਦਾਰਾਂ ਨੇ ਉਸ ਨੂੰ ਫੋਨ ਕਰ ਕੇ ਦੱਸਿਆ ਕਿ ਉਸ ਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ ਅਤੇ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ।
ਉਸ ਦੁਕਾਨਦਾਰ ਨੇ ਇਸ ਸਬੰਧੀ ਸੂਚਨਾ ਫਾਇਰ ਬਿਗ੍ਰੇਡ ਨੂੰ ਵੀ ਦੇ ਦਿੱਤੀ ਤੇ ਦੁਕਾਨ ਦਾ ਤਾਲਾ ਤੋੜ ਕੇ ਦੁਕਾਨ ਵਿੱਚ ਲੱਗੀ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਬਲਜਿੰਦਰ ਨੇ ਦੱਸਿਆ ਕਿ ਜਦੋਂ ਤੱਕ ਉਹ ਪਿੰਡ ਤੋਂ ਵਾਪਸ ਦੁਕਾਨ ’ਤੇ ਪੁੱਜਿਆਂ ਉਦੋਂ ਤੱਕ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਚੁੱਕੀ ਸੀ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਉਸ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦਾ ਲੱਖਾਂ ਰੁਪਏ ਦਾ ਸਾਮਾਨ ਤੇ ਫਰਨੀਚਰ ਸੜ ਕੇ ਸੁਆਹ ਹੋ ਗਿਆ ਹੈ।