ਜਗਤਾਰ ਸਿੰਘ ਲਾਂਬਾ/ਦਿਲਬਾਗ ਸਿੰਘ ਗਿੱਲ
ਅੰਮ੍ਰਿਤਸਰ/ਅਟਾਰੀ, 5 ਅਕਤੂਬਰ
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਅੱਜ ਸ਼੍ਰੋ੍ਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਾਕਿਸਤਾਨ ਪੁੱਜ ਗਿਆ ਹੈ। ਵਫ਼ਦ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਮਾਗਮ ਸਬੰਧੀ ਲਾਹੌਰ ਵਿੱਚ ਪਾਕਿਸਤਾਨ ਔਕਾਫ ਬੋਰਡ ਤੇ ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਸ੍ਰੀ ਧਾਮੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਔਕਾਫ ਬੋਰਡ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਆਖਿਆ ਕਿ ਮੁੱਖ ਸਮਾਗਮ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਉੱਥੋਂ ਦੇ ਰੇਲਵੇ ਸਟੇਸ਼ਨ ਜਿੱਥੇ ਸਾਕਾ ਹੋਇਆ ਸੀ, ਵਿਖੇ ਸਮਾਗਮ ਕਰਵਾਏ ਜਾਣਗੇ। ਜਾਣਕਾਰੀ ਅਨੁਸਾਰ ਸ੍ਰੀ ਧਾਮੀ ਅੱਜ ਸਵੇਰੇ ਅਟਾਰੀ ਸਰਹੱਦ ਰਸਤੇ ਪੰਜ ਮੈਂਬਰੀ ਸਿੱਖ ਵਫ਼ਦ ਦੇ ਨਾਲ ਲਾਹੌਰ ਗਏ ਸਨ। ਇਸ ਵਿੱਚ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਅਤੇ ਰੂਪ-ਰੇਖਾ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਮਗਰੋਂ ਪਰਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੱਥੇ ਦੱਸਿਆ ਕਿ ਮੀਟਿੰਗ ਵਿੱਚ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਤੋਂ ਇਲਾਵਾ ਕਈ ਹੋਰ ਕੌਮਾਂਤਰੀ ਸਿੱਖ ਮਾਮਲੇ ਵੀ ਵਿਚਾਰੇ ਗਏ। ਉਨ੍ਹਾਂ ਕਿਹਾ ਕਿ ਇਸ ਸ਼ਹੀਦੀ ਸ਼ਤਾਬਦੀ ਸਬੰਧੀ ਮੁੱਖ ਸਮਾਗਮ 30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਵੇਗਾ। ਇਸ ਤੋਂ ਇਲਾਵਾ ਪੰਜਾ ਸਾਹਿਬ ਦੇ ਰੇਲਵੇ ਸਟੇਸ਼ਨ ਵਿਖੇ ਇੱਕ ਘੰਟੇ ਦਾ ਕੀਰਤਨ ਸਮਾਗਮ ਹੋਵੇਗਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ ਸਾਂਝੇ ਤੌਰ ’ਤੇ ਕੀਤੇ ਜਾਣਗੇ ਜਿਸ ਸਬੰਧੀ ਆਪਸੀ ਸਹਿਮਤੀ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸ਼ਤਾਬਦੀ ਦੇ ਮੁੱਖ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਰਾਗੀ, ਢਾਡੀ, ਕਵੀਸ਼ਰਾਂ ਦੇ ਜਥਿਆਂ ਤੋਂ ਇਲਾਵਾ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਕੀਤਾ ਜਾਵੇਗਾ। ਭਾਰਤ ਤੇ ਹੋਰ ਥਾਵਾਂ ਤੋਂ ਪੁੱਜਣ ਵਾਲੀ ਸੰਗਤ ਲਈ ਪ੍ਰਬੰਧ ਪੀਐੱਸਜੀਪੀਸੀ ਕਰੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਵਫ਼ਦ ਦੇ ਮੈਂਬਰਾਂ ਨੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ’ਤੇ ਮੱਥਾ ਟੇਕਿਆ। ਇਸ ਪੰਜ ਮੈਂਬਰੀ ਸਿੱਖ ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਯਾਤਰਾ ਵਿਭਾਗ ਦੇ ਇੰਚਾਰਜ ਰਾਜਿੰਦਰ ਸਿੰਘ ਸ਼ਾਮਲ ਹਨ।
ਇਸ ਵਫ਼ਦ ਵਿੱਚੋਂ ਪ੍ਰਧਾਨ ਐਡਵੋਕੇਟ ਧਾਮੀ ਅੱਜ ਵਾਪਸ ਭਾਰਤ ਪਰਤ ਆਏ ਹਨ ਜਦੋਂ ਕਿ ਵਫ਼ਦ ਦੇ ਬਾਕੀ ਚਾਰ ਮੈਂਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋ ਗਏ।
ਸ਼੍ਰੋਮਣੀ ਕਮੇਟੀ ਨੇ ਸੱਤ ਜਥਿਆਂ ਲਈ ਪ੍ਰਵਾਨਗੀ ਮੰਗੀ
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਔਕਾਫ਼ ਬੋਰਡ ਕੋਲ ਮੰਗ ਰੱਖੀ ਹੈ ਕਿ ਭਾਰਤ ਤੋਂ ਆਉਣ ਵਾਲੇ ਸਿੱਖਾਂ ਦੇ ਚਾਰ ਜਥਿਆਂ ਦੀ ਥਾਂ ਹੁਣ 7 ਸਿੱਖ ਜਥਿਆਂ ਨੂੰ ਆਉਣ ਦੀ ਆਗਿਆ ਦਿੱਤੀ ਜਾਵੇ। ਵਫ਼ਦ ਵੱਲੋਂ ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂਆਂ ਨੂੰ ਮੌਕੇ ’ਤੇ ਹੀ ਵੀਜ਼ੇ ਦੇਣ ਦੀ ਕਾਰਵਾਈ ਕਰਨ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਦਰਸ਼ਨਾਂ ਲਈ ਜਾਣ ਵਾਸਤੇ ਆਨਲਾਈਨ ਇੰਦਰਾਜ ਦੀ ਸ਼ਰਤ ਨੂੰ ਹਟਾਉਣ ਦੀ ਮੰਗ ਵੀ ਕੀਤੀ।