ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਸਤੰਬਰ
ਉਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਨੇੜੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਅਤੇ ਬਚਾਅ ਕਾਰਜਾਂ ਵਿੱਚ ਸੌਖ ਲਈ ਇੱਕ ਹੈਲੀਪੈਡ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਹੇਮਕੁੰਟ ਸਾਹਿਬ ਯਾਤਰਾ ਲਈ ਰੋਪ ਵੇਅ ਦਾ ਕੰਮ ਵੀ ਛੇਤੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨਾਲ ਇੱਕ ਮੁਲਾਕਾਤ ਦੌਰਾਨ ਸਾਂਝੀ ਕੀਤੀ ਹੈ। ਸ੍ਰੀ ਬਿੰਦਰਾ ਨੇ ਦੱਸਿਆ ਕਿ ਉਹ ਬੀਤੇ ਕੱਲ੍ਹ ਰਾਜਪਾਲ ਨੂੰ ਮਿਲੇ ਸਨ ਤੇ ਉਨ੍ਹਾਂ ਨੂੰ ਹੇਮਕੁੰਟ ਸਾਹਿਬ ਯਾਤਰਾ ਤੇ ਯਾਤਰਾ ਮਾਰਗ ਲਈ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਉਤਰਾਖੰਡ ਸਰਕਾਰ ਦੀ ਮਦਦ ਨਾਲ ਯਾਤਰਾ ਨੂੰ ਸੁਖਾਲਾ ਬਣਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬਦਰੀਨਾਥ ਹਾਈਵੇਅ ਲਈ ਕੇਂਦਰ ਸਰਕਾਰ ਵੱਲੋਂ 48 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਹੈ। ਇਸ ਮਾਰਗ ’ਤੇ 84 ਥਾਂਵਾਂ ਤੋਂ ਸੜਕ ਨੂੰ ਮੋੜਾਂ ’ਤੇ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਗੁਰਦੁਆਰਾ ਸਾਹਿਬ ਨੇੜੇ ਇੱਕ ਹੈਲੀਪੈਡ ਵੀ ਬਣਾਇਆ ਗਿਆ ਹੈ, ਜਿਸ ਨੂੰ ਹੰਗਾਮੀ ਸਥਿਤੀ ਵਿੱਚ ਬਚਾਅ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਹ ਹੈਲੀਪੈਡ ਲਗਪਗ ਇੱਕ ਕਿਲੋਮੀਟਰ ਹੇਠਾਂ ਤਿਆਰ ਕੀਤਾ ਗਿਆ ਹੈ। ਪਹਿਲਾਂ ਇੱਕ ਹੈਲੀਪੈਡ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਵਿਖੇ ਵੀ ਬਣਿਆ ਹੋਇਆ ਹੈ।