ਬੰਦੀ ਛੋੜ ਦਿਵਸ ’ਤੇ ਵੱਡੀ ਗਿਣਤੀ ਸੰਗਤ ਦਰਬਾਰ ਸਾਹਿਬ ਨਤਮਸਤਕ
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ; ਰਾਤ ਵੇਲੇ ਆਤਿਸ਼ਬਾਜ਼ੀ ਚਲਾਈ
ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਬੰਦੀ ਛੋੜ ਦਿਵਸ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਸ਼ਾਮ ਵੇਲੇ ਗੁਰੂ ਘਰ ਦੀਆਂ ਇਮਾਰਤਾਂ ’ਤੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਚਲਾਈ ਗਈ।
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕੀਤੇ ਗਏ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਕੀਰਤਨ ਅਤੇ ਇਤਿਹਾਸ ਬਾਰੇ ਦੱਸਿਆ। ਸ਼ਾਮ ਤੱਕ ਚੱਲੇ ਸਮਾਗਮਾਂ ਵਿੱਚ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
ਸਿੱਖ ਕੌਮ ਨਾਲ ਵਿਤਕਰਾ ਚਿੰਤਾਜਨਕ: ਗੜਗੱਜ
ਬੰਦੀ ਛੋੜ ਦਿਵਸ ਮੌਕੇ ਅੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ-ਨਾਲ ਸਿੱਖਾਂ ਨਾਲ ਹੋ ਰਹੇ ਵਿਤਕਰੇ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਸਿੱਖ ਕਕਾਰਾਂ ’ਤੇ ਹੁੰਦੇ ਸਵਾਲ ਅਤੇ ਸਿੱਖ ਸੰਸਥਾਵਾਂ ਉੱਤੇ ਸਾਜ਼ਿਸ਼ ਤਹਿਤ ਕਬਜ਼ਿਆਂ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਅੱਜ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੱਤਾ ਹੈ। ਇਸ ਵਿੱਚ ਉਨ੍ਹਾਂ ਪੰਥਕ ਏਕਤਾ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਨੇ ਅਕਾਲ ਤਖ਼ਤ ਦੀ ਸਥਾਪਨਾ ਕਰ ਕੇ ਸਿੱਖਾਂ ਨੂੰ ਅਜਿਹਾ ਤਖ਼ਤ ਬਖ਼ਸ਼ਿਆ ਜਿਹੜਾ ਹਮੇਸ਼ਾ ਹੱਕ, ਸੱਚ, ਨਿਆਂ ਲਈ ਸੇਧ ਦਿੰਦਾ ਹੈ। ਬੰਦੀ ਛੋੜ ਦਿਵਸ ਮੌਕੇ ਸਮੁੱਚਾ ਖ਼ਾਲਸਾ ਪੰਥ ਪੰਥਕ ਰਵਾਇਤਾਂ ਮੁਤਾਬਕ ਇੱਥੇ ਸਿਰ ਜੋੜ ਕੇ ਬੈਠਦਾ ਹੈ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਰਣਨੀਤੀ ਬਣਾਉਂਦਾ ਹੈ। ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀਆਂ ਸ਼ਹਾਦਤਾਂ ਸਾਡਾ ਮਾਰਗਦਰਸ਼ਨ ਕਰਦੀਆਂ ਹਨ। ਲੋਕਾਂ ਨੂੰ ਆਪੋ-ਆਪਣੇ ਧਰਮ ਅਨੁਸਾਰ ਧਾਰਮਿਕ ਚਿੰਨ੍ਹ ਪਹਿਨ ਕੇ ਵਿਚਰਨ ਅਤੇ ਆਜ਼ਾਦੀ ਨਾਲ ਰਹਿਣ ਦਾ ਹੱਕ ਹੈ ਪਰ ਦੁੱਖ ਦੀ ਗੱਲ ਹੈ ਕਿ ਅੱਜ ਸਿੱਖਾਂ ਦੇ ਕਕਾਰ ਕਿਰਪਾਨ, ਕੜਾ ਉਤਰਵਾਉਣ ਦੀਆਂ ਘਟਨਾਵਾਂ ਦੱਸਦੀਆਂ ਹਨ ਕਿ ਮੌਜੂਦਾ ਹੁਕਮਰਾਨ ਵੀ ਬੀਤੇ ਸਮੇਂ ਦੇ ਹਾਕਮਾਂ ਵਾਂਗ ਸੌੜੀ ਸੋਚ ਰੱਖ ਕੇ ਸਿੱਖ ਪਛਾਣ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਸਰਕਾਰ ਕੋਲੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਜਥੇਦਾਰ ਗੜਗੱਜ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਰਾਮਬਾਗ਼ ਵਿੱਚ ਮਹਿਲ ’ਚ ਬੰਦੀ ਛੋੜ ਦਿਵਸ ਮੌਕੇ ਦੇਸੀ ਘਿਓ ਦੇ ਦੀਵੇ ਜਗਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।
ਅਕਾਲ ਤਖ਼ਤ ਵੱਲੋਂ ਨਿਹੰਗ ਸਿੰਘਾਂ ਦਾ ਸਨਮਾਨ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਬਾਰੇ ਸਿੱਖ ਜਥੇਬੰਦੀਆਂ ਵਿਚਾਲੇ ਚੱਲ ਰਹੇ ਵਖਰੇਵੇਂ ਅੱਜ ਵੀ ਇਥੇ ਹਰਿਮੰਦਰ ਸਾਹਿਬ ਸਮੂਹ ਵਿੱਚ ਹੋਏ ਸਮਾਗਮ ਦੌਰਾਨ ਸਾਹਮਣੇ ਆਏ। ਦਮਦਮੀ ਟਕਸਾਲ ਅੱਜ ਇਸ ਸਮਾਗਮ ਤੋਂ ਰਿਹਾ। ਸ਼ਾਮ ਵੇਲੇ ਅਕਾਲ ਤਖ਼ਤ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ ਕਰਨ ਦੀ ਰਸਮ ਵੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਥਾਂ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਨਿਭਾਈ। ਅਕਾਲ ਤਖ਼ਤ ਦੇ ਨੁਮਾਇੰਦੇ ਵਜੋਂ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਹਾਜ਼ਰ ਸਨ। ਅੱਜ ਨਿਹੰਗ ਸਿੰਘ ਜਥੇਬੰਦੀਆਂ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰ ਸਿੰਘ ਬਿਧੀ ਚੰਦ ਸੰਪਰਦਾ ਤੋਂ, ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਤੋਂ ਬਾਬਾ ਜੋਗਾ ਸਿੰਘ, ਦਲ ਬਾਬਾ ਨੌਧ ਸਿੰਘ ਸ਼ਹੀਦ ਚਬਾ ਤੋਂ ਬਾਬਾ ਵਸਣ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਬੰਦੀ ਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਅਕਾਲ ਤਖ਼ਤ ਦੇ ਸਕੱਤਰੇਤ ਨੇੜੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਸਮੁੱਚੀ ਸਿੱਖ ਕੌਮ ਨੂੰ ਅਰਦਾਸ ਕਰਨੀ ਚਾਹੀਦੀ ਹੈ ਤਾਂ ਜੋ ਬੰਦੀ ਸਿੱਖ ਰਿਹਾਅ ਹੋ ਸਕਣ। ਸਮੇਂ ਦੇ ਹਾਕਮਾਂ ਨੂੰ ਇਕੱਠੇ ਹੋ ਕੇ ਚੁਣੌਤੀ ਦੇਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਆਖਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਦੇ ਗਵਾਲੀਅਰ ਦੇ ਕਿਲੇ ਦੀ ਕੈਦ ’ਚੋਂ ਰਿਹਾਅ ਹੋ ਕੇ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਸ ਵੇਲੇ ਛੇਵੇਂ ਪਾਤਸ਼ਾਹ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਅਪੀਲ ਕੀਤੀ।