ਸੰਜੀਵ ਤੇਜਪਾਲ
ਮੋਰਿੰਡਾ, 24 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸਫਰ-ਏ-ਸ਼ਹਾਦਤ ਦੇ ਤੀਜੇ ਪੜਾਅ ਦਾ ਕਾਫਲਾ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਪੁੱਜਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਡੇਰਾ ਕਾਰ ਸੇਵਾ ਮੋਰਿੰਡਾ ਦੇ ਪ੍ਰਬੰਧਕ ਅਤੇ ਦੂਰ-ਦੁਰਾਡਿਓਂ ਆਈ ਵੱਡੀ ਗਿਣਤੀ ਸੰਗਤ ਨੇ ਸਮਾਗਮ ਵਿੱਚ ਹਾਜ਼ਰੀ ਲਵਾਈ। ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਅਮਰਜੀਤ ਸਿੰਘ, ਭਾਈ ਸਤਵਿੰਦਰਬੀਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਜਬਰਤੋੜ ਸਿੰਘ ਤੇ ਹੋਰ ਜਥਿਆਂ ਨੇ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਸ਼ਹੀਦਾਂ ਦੇ ਜੀਵਨ ’ਤੇ ਚਾਨਣਾ ਪਾਇਆ।
ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਮਾਰਚ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਮਾਤਾ ਗੁਜਰੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਗੁਰਮਤਿ ਮਾਰਚ ਕੀਤਾ ਗਿਆ। ਸਮਾਗਮ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕੀਤੇ। ਸੰਗੀਤ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਕੀਰਤਨ ਕੀਤਾ। ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਕਾ ਚਮਕੌਰ ਅਤੇ ਸਾਕਾ ਸਰਹਿੰਦ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਸਮਾਗਮ ਦੀ ਸਮਾਪਤੀ ਤੋਂ ਬਾਅਦ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਤੋਂ ਗੁਰਦੁਆਰਾ ਸ੍ਰੀ ਠੰਢਾ ਬੁਰਜ ਤਕ ਗੁਰਮਤਿ ਮਾਰਚ ਕੱਢਿਆ ਗਿਆ। ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਕਾਲਜ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਇਲਾਵਾ ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।