ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਵੱਲੋਂ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿਚ ਗੈਰ ਜ਼ਮਾਨਤੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਕੀਮਤ ’ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ। ਇਸ ਲਈ ਆਉਣ ਵਾਲੇ ਦਿਨਾਂ ਵਿਚ ਕਈ ਵੱਡੇ ਫ਼ੈਸਲੇ ਲਏ ਜਾਣਗੇ। ਖੇਤੀ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਕੋਈ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਕੀਟਨਾਸ਼ਕਾਂ, ਖਾਦਾਂ ਅਤੇ ਬੀਜਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਦੀ ਪਹੁੰਚ ਤੱਕ ਪੂਰੀ ਨਿਗਰਾਨੀ ਲਈ ਟਰੇਸ ਐਂਡ ਟਰੈਕਿੰਗ ਸਿਸਟਮ ਲਿਆਂਦਾ ਜਾਵੇਗਾ।