ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੂਨ
‘ਆਪ’ ਸਰਕਾਰ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਇੱਕ ਯਾਦਗਾਰ ਬਣਾਈ ਜਾਵੇਗੀ, ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਆਉਂਦੇ ਦਿਨਾਂ ’ਚ ਐਲਾਨ ਕਰ ਸਕਦੇ ਹਨ| ਪੰਜਾਬ ਸਰਕਾਰ ਤਰਫ਼ੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ| ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਕੋਲ ਪਰਿਵਾਰ ਨੇ ਮਿਊਜ਼ਿਕ ਆਡੀਟੋਰੀਅਮ ਬਣਾਉਣ ਦੀ ਇੱਛਾ ਜ਼ਾਹਿਰ ਕੀਤੀ ਹੈ, ਜਿਸ ’ਤੇ ਸਰਕਾਰ ਵੱਲੋਂ ਫ਼ੁੱਲ ਚੜ੍ਹਾਏ ਜਾਣਗੇ| ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਨੂੰ ਅਮਰ ਰੱਖਣ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ| ਧਾਲੀਵਾਲ ਨੇ ਦੱਸਿਆ ਕਿ ਮੂਸੇਵਾਲਾ ਦੀ ਯਾਦ ਵਿੱਚ ਮਿਊਜ਼ਿਕ ਆਡੀਟੋਰੀਅਮ ਬਣਾਉਣ ਦਾ ਫ਼ੈਸਲਾ ਮੁੱਖ ਮੰਤਰੀ ਲੈਣਗੇ| ਧਾਲੀਵਾਲ ਅਨੁਸਾਰ ਮੂਸੇਵਾਲਾ ਦੀ ਯਾਦ ’ਚ ਮਾਨਸਾ ਵਿੱਚ ਇੱਕ ਹਸਪਤਾਲ ਵੀ ਬਣਾਇਆ ਜਾਵੇਗਾ| ਪਿੰਡ ਮੂਸਾ ਦੇ ਅਧੂਰੇ ਸਟੇਡੀਅਮ ਨੂੰ ਵੀ ਪੂਰਾ ਕਰਵਾਇਆ ਜਾਵੇਗਾ| ਧਾਲੀਵਾਲ ਨੇ ਦੱਸਿਆ ਕਿ ਵਿੱਤੀ ਮੰਤਰੀ ਹਰਪਾਲ ਸਿੰਘ ਚੀਮਾ ਇਨ੍ਹਾਂ ਸਾਰੇ ਮਾਮਲਿਆਂ ਨੂੰ ਮੁੱਖ ਮੰਤਰੀ ਨਾਲ ਵਿਚਾਰਨਗੇ, ਉਸ ਮਗਰੋਂ ਜਲਦੀ ਫ਼ੈਸਲਾ ਲਿਆ ਜਾਵੇਗਾ|