ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਜੁਲਾਈ
ਕਰੋਨਾ ਪੀੜਤਾਂ ਦੀਆਂ ਮ੍ਰਿਤਕ ਦੇਹਾਂ ਬਦਲਣ ਦੇ ਮਾਮਲੇ ਵਿੱਚ ਅੱਜ ਉਦੋਂ ਨਵਾਂ ਮੋੜ ਆ ਗਿਆ ਜਦੋਂ ਇਕ ਧਿਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਕਰੋਨਾ ਪੀੜਤ ਮਰੀਜ਼ ਜਿਉਂਦਾ ਹੈ। ਇਸ ਦੌਰਾਨ ਮੈਡੀਕਲ ਸਿੱਖਿਆ ਬਾਰੇ ਮੰਤਰੀ ਓ.ਪੀ. ਸੋਨੀ ਨੇ ਆਖਿਆ ਕਿ ਇਸ ਮਾਮਲੇ ਦੀ ਜਾਂਚ ਦਾ ਕੰਮ ਜਾਰੀ ਹੈ ਅਤੇ ਅਣਗਹਿਲੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ। ਕਰੋਨਾ ਪੀੜਤ ਪ੍ਰੀਤਮ ਸਿੰਘ ਵਾਸੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਹੈ, ਜਿਸ ਉੱਤੇ ਸੁਣਵਾਈ 22 ਜੁਲਾਈ ਨੂੰ ਹੋਵੇਗੀ। ਕੇਸ ਦੀ ਪੈਰਵੀ ਕਰ ਰਹੇ ਵਕੀਲ ਰਜੀਵ ਮਲਹੋਤਰਾ ਤੇ ਸਤਿੰਦਰ ਬੋਪਾਰਾਏ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਰਿੱਟ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਮਰੀਜ਼ ਪ੍ਰੀਤਮ ਸਿੰਘ ਜਿਊਂਦਾ ਹੈ ਅਤੇ ਇਸ ਵੇਲੇ ਵੀ ਗੁਰੂ ਨਾਨਕ ਦੇਵ ਹਸਪਤਾਲ ਦੀ ਕਰੋਨਾ ਵਾਰਡ ਵਿੱਚ ਜ਼ੇਰੇ ਇਲਾਜ ਹੈ। ਚੇਤੇ ਰਹੇ ਕਿ ਪਦਮਾ ਅਤੇ ਪ੍ਰੀਤਮ ਸਿੰਘ, ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਮਗਰੋਂ ਉਨ੍ਹਾਂ ਦੀਆਂ ਦੇਹਾਂ ਬਦਲੀਆਂ ਗਈਆਂ ਸਨ। ਇਸ ਮਾਮਲੇ ਦੇ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰੀ ਮੈਡੀਕਲ ਕਾਲਜ ਵਲੋਂ ਵੀ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਜਾਂਚ ਕਰਵਾਈ ਜਾ ਰਹੀ ਹੈ।