ਪੱਤਰ ਪ੍ਰੇਰਕ
ਅੰਮ੍ਰਿਤਸਰ, 8 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ ਹੈ। ਬਾਬਾ ਜੰਗ ਸਿੰਘ ਸਾਲ 1982 ਵਿੱਚ ਧਰਮ ਯੁੱਧ ਮੋਰਚੇ ਦੌਰਾਨ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਸ਼ਹੀਦ ਹੋਏ ਸਨ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਬਾਬਾ ਜੰਗ ਸਿੰਘ ਦੀ ਤਸਵੀਰ ਤੋਂ ਪਰਦਾ ਹਟਾਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਭਾਈ ਭੂਪਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਬਾਬਾ ਜੰਗ ਸਿੰਘ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀ ਗਈ ਹੈ। ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਅਨਮੋਲ ਖਜ਼ਾਨਾ ਹੈ, ਜਿੱਥੇ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਕੌਮ ਦੀ ਚੜ੍ਹਦੀ ਕਲਾ ਲਈ ਘਾਲਣਾ ਘਾਲੀ ਹੋਵੇ। ਇਸ ਮੌਕੇ ਬਾਬਾ ਕਰਮਜੀਤ ਸਿੰਘ ਨੇ ਬਾਬਾ ਜੰਗ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਸਿੰਘ ਸਾਹਿਬਾਨ ਦਾ ਧੰਨਵਾਦ ਕੀਤਾ।