ਪੱਤਰ ਪ੍ਰੇਰਕ
ਮਹਿਲ ਕਲਾਂ, 12 ਅਗਸਤ
ਸ਼ਹੀਦ ਕਿਰਨਜੀਤ ਕੌਰ ਦਾ 25ਵਾਂ ਸ਼ਰਧਾਂਜਲੀ ਸਮਾਗਮ ਅਨਾਜ ਮੰਡੀ ਮਹਿਲ ਕਲਾਂ ’ਚ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਚਾਰ ਸੰਗਰਾਮੀ ਯੋਧਿਆਂ ਮਰਹੂਮ ਮੋਹਨ ਸਿੰਘ, ਭਗਵੰਤ ਸਿੰਘ, ਕੁਲਵੰਤ ਰਾਏ, ਪ੍ਰੀਤਮ ਦਰਦੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਐਕਸ਼ਨ ਕਮੇਟੀ ਦੇ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਤੇ ਨਰਾਇਣ ਦੱਤ ਨੇ ਇਸ ਸੰਘਰਸ਼ ਦੇ ਪਿਛੋਕੜ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਵੇਲੇ ਮੋਦੀ ਹਕੂਮਤ ਵੱਲੋਂ ਆਰਥਿਕ ਅਤੇ ਫਿਰਕੂ ਫਾਸ਼ੀ ਹੱਲਾ ਤੇਜ਼ ਕੀਤਾ ਹੋੋਇਆ ਹੈ ਜਿਸ ਤਹਿਤ ਧਾਰਮਿਕ ਘੱਟ ਗਿਣਤੀਆਂ, ਦਲਿਤਾਂ, ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਿਕ ਕਾਰਕੁਨ ਤੇ ਮਰਹੂਮ ਨਾਟਕਕਾਰ ਗੁਰਸ਼ਰਨ ਭਾਅ ਜੀ ਦੀ ਬੇਟੀ ਡਾ. ਨਵਸ਼ਰਨ ਕੌਰ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਔਰਤਾਂ ਦੀ ਸਰਗਰਮ ਸ਼ਮੂਲੀਅਤ ਰਹੀ ਹੈ। ਹਕੂਮਤ ਦੇ ਫਿਰਕੂ ਫਾਸ਼ੀ ਹੱਲੇ ਖਿਲਾਫ ਸਾਂਝਾ ਸੰਘਰਸ਼ ਸਮੇਂ ਦੀ ਲੋੜ ਹੈ। ਆਰਐੱਮਪੀਆਈ ਦੇ ਕੌਮੀ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਭਾਵੇਂ ਪੁਲੀਸ ਤੇ ਸਿਆਸੀ ਗੱਠਜੋੜ ਖ਼ਿਲਾਫ਼ ਵੱਡੀ ਲੜਾਈ ਜਿੱਤ ਲਈ ਗਈ ਹੈ ਪਰ ਇਹ ਅੰਤਿਮ ਜਿੱਤ ਨਹੀਂ ਹੈ ਕਿਉਂਕਿ ਅੱਜ ਵੀ ਸੰਸਦ ਤੇ ਵਿਧਾਨ ਸਭਾਵਾਂ ’ਚ 37 ਫੀਸਦ ਨੁਮਾਇੰਦਿਆਂ ਦਾ ਅਪਰਾਧਿਕ ਪਿਛੋਕੜ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਕਿਸਾਨ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੀਪੀਆਈ ਦੇ ਸੂਬਾ ਆਗੂ ਨਿਰਮਲ ਸਿੰਘ ਧਾਲੀਵਾਲ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ ਰਾਜਿੰਦਰ ਭਦੌੜ, ਨੌਜਵਾਨ ਆਗੂ ਹਰਪ੍ਰੀਤ ਮਲੂਕਪੁਰ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਸੰਬੋਧਨ ਕੀਤਾ।