ਪੱਤਰ ਪ੍ਰੇਰਕ
ਸਮਰਾਲਾ, 31 ਅਗਸਤ
ਪਿੰਡ ਭਰਥਲਾ ਵਿੱਚ ਅੱਜ ਸਵੇਰੇ ਇੱਕ ਵਿਅਕਤੀ ਨੇ ਆਪਣੇ ਖੇਤ ਦੇ ਖੂਹ ’ਚ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ (67) ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ, ਜਿਸ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਦੀ ਨੂੰਹ ਪਿੰਡ ਦੀ ਮਹਿਲਾ ਵੇਰਕਾ ਮਿਲਕ ਸੁਸਾਇਟੀ ਦੀ ਪ੍ਰਧਾਨ ਸੀ, ਜਿਸ ਵਿੱਚ ਪਿਛਲੇ ਦਿਨੀਂ ਲਗਪਗ 13-14 ਲੱਖ ਰੁਪਏ ਦਾ ਘਪਲਾ ਹੋਣ ਦੀ ਗੱਲ ਸਾਹਮਣੇ ਆਈ ਸੀ। ਹਾਲਾਂਕਿ ਇਸ ਘਪਲੇ ਸਬੰਧੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਪਰ ਸੁਰਿੰਦਰ ਸਿੰਘ ਇਸ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਅੱਜ ਉਸ ਨੇ ਆਪਣੀ ਜਾਨ ਦੇ ਦਿੱਤੀ। ਪੁਲੀਸ ਨੂੰ ਮ੍ਰਿਤਕ ਕੋਲੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਸੁਰਿੰਦਰ ਸਿੰਘ ਵੱਲੋਂ ਇਸ ਘਪਲੇ ਲਈ ਸੁਸਾਇਟੀ ਦੇ ਸਕੱਤਰ ਵਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਹੈ। ਮ੍ਰਿਤਕ ਦੇ ਪੁੱਤਰ ਹਰਵਿੰਦਰ ਸਿੰਘ ਨੇ ਵੀ ਪੁਲੀਸ ਨੂੰ ਬਿਆਨ ਦਿੱਤਾ ਹੈ ਕਿ ਸੁਸਾਇਟੀ ਦੇ ਸਕੱਤਰ ਖ਼ਿਲਾਫ਼ ਪਹਿਲਾਂ ਹੀ ਪੁਲੀਸ ਜਾਂਚ ਚੱਲ ਰਹੀ ਹੈ ਤੇ ਸੁਸਾਇਟੀ ਵਿੱਚ ਹੋਏ ਘਪਲੇ ਨੂੰ ਬਰਦਾਸ਼ਤ ਨਾ ਕਰਦਿਆਂ ਉਸ ਦੇ ਪਿਤਾ ਨੇ ਅੱਜ ਸਵੇਰੇ 6.30 ਵਜੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਮ੍ਰਿਤਕ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ ਅਤੇ ਮ੍ਰਿਤਕ ਦੇ ਪੁੱਤਰ ਦੇ ਬਿਆਨ ਦੇ ਆਧਾਰ ’ਤੇ ਸੁਸਾਇਟੀ ਦੇ ਸਕੱਤਰ ਵਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।