ਦਵਿੰਦਰ ਪਾਲ
ਚੰਡੀਗੜ੍ਹ, 11 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਸੰਘਰਸ਼ੀ ਅਖਾੜਿਆਂ ਵਿੱਚ ਅੱਜ ਕਿਸਾਨਾਂ ਨੇ ਫਿਰੋਜ਼ਪੁਰ ਘਟਨਾ ਦੇ ਰੋਸ ਵਜੋਂ ਅਕਾਲੀ ਦਲ ਖ਼ਿਲਾਫ਼ ਸੁਰ ਤਿੱਖੇ ਰੱਖੇ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਦੌਰਾਨ ਬੁਲਾਰਿਆਂ ਨੇ ਅਕਾਲੀ ਆਗੂਆਂ ’ਤੇ ਕਿਸਾਨਾਂ ਨਾਲ ਟਕਰਾਅ ਦੀ ਨੀਤੀ ਅਪਣਾਉੁਣ ਦੇ ਦੋਸ਼ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਿਨ ਫਿਰੋਜ਼ਪੁਰ ਵਿੱਚ ਅਕਾਲੀ ਆਗੂਆਂ ਨੇ ਕਿਸਾਨਾਂ ’ਤੇ ਗੋਲੀਆਂ ਚਲਾਉਣ ਅਤੇ ਕਾਰ ਹੇਠ ਦਰੜਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਇਸ ਘਟਨਾ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਢੁੱਕਵੀਆਂ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਇੱਕ ਹੋਰ ਲਖੀਮਪੁਰ ਖੀਰੀ ਕਾਂਡ ਰਚਣ ਦੀ ਕੋਝੀ ਕੋਸ਼ਿਸ਼ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਅਸਲ ਵਿੱਚ ਅੰਦਰੂਨੀ ਤੌਰ ’ਤੇ ਅਕਾਲੀ ਦਲ ਖੇਤੀ ਕਾਨੂੰਨਾਂ ਦਾ ਸਮਰਥਕ ਹੈ ਅਤੇ ਇਨ੍ਹਾਂ ਦਾ ਵਿਰੋਧ ਕਰਨ ਅਤੇ ਕਿਸਾਨ ਅੰਦੋਲਨ ਦਾ ਹਮਾਇਤੀ ਹੋਣ ਦਾ ਪਾਖੰਡ ਕਰ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਮਜ਼ਦੂਰ ਮਿਲ ਕੇ ਸਿਆਸੀ ਟੋਲੇ ਦੇ ਇਸ ਦੰਭ ਨੂੰ ਨੰਗਾ ਕਰਨ ਲਈ ਉਨ੍ਹਾਂ ਤੋਂ ਸਵਾਲ ਪੁੱਛਦੇ ਅਤੇ ਘੇਰਦੇ ਰਹਿਣਗੇ। ਪੰਜਾਬ ’ਚ ਚੱਲ ਰਹੇ ਧਰਨਿਆਂ ਦੌਰਾਨ ਕਈ ਥਾਵਾਂ ’ਤੇ ਅੱਜ ਕਿਸਾਨਾਂ ਨੇ ਅਕਾਲੀਆਂ ਦੇ ਪੁਤਲੇ ਵੀ ਫੂਕੇ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੇ ‘ਆਈਟੀ ਸੈੱਲ’ ਵਾਂਗ ਅਕਾਲੀ ਦਲ ਵੱਲੋਂ ਵੀ ਸੋਸ਼ਲ ਮੀਡੀਆ ਦੀ ਵਰਤੋਂ ਕਿਸਾਨ ਆਗੂਆਂ ਨੂੰ ਗਾਲ੍ਹਾਂ ਦੇਣ ਅਤੇ ਕੂੜ ਪ੍ਰਚਾਰ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਅਕਾਲੀ ਦਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਗੁਰੇਜ਼ ਕੀਤਾ ਜਾਵੇ। ਇਸੇ ਦੌਰਾਨ ਧਰਨਿਆਂ ’ਤੇ ਬੁਲਾਰਿਆਂ ਨੇ ਗੁਲਾਬੀ ਸੁੰਡੀ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਜੇ ਤੱਕ ਵੀ ਮੁਆਵਜ਼ਾ ਨਾ ਮਿਲਣ ਬਾਰੇ ਚਰਚਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਵੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਰਤੀ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਹੀ ਵੋਟ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਪ੍ਰਤੀ ਸ਼ਾਂਤਮਈ ਢੰਗ ਨਾਲ ਸਵਾਲ ਕਰਨ ਦੀ ਲੋੜ ਬਣਦੀ ਹੈ।
ਕਿਸਾਨਾਂ ਦੇ ਵਿਰੋਧ ਕਾਰਨ ਹਰਸਿਮਰਤ ਦਾ ਮਾਨਸਾ ਜ਼ਿਲ੍ਹੇ ਦਾ ਦੌਰਾ ਰੱਦ
ਮਾਨਸਾ (ਜੋਗਿੰਦਰ ਸਿੰਘ ਮਾਨ): ਸੰਯੁਕਤ ਕਿਸਾਨ ਮੋਰਚੇ ਵੱਲੋਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਅੱਜ ਘਿਰਾਓ ਦੀ ਦਿੱਤੀ ਚਿਤਾਵਨੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਦੌਰਾ ਰੱਦ ਕਰ ਦਿੱਤਾ ਗਿਆ। ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਪ੍ਰੇਮ ਅਰੋੜਾ ਨੇ ਦੱਸਿਆ ਕਿ ਬੀਬੀ ਬਾਦਲ ਦਾ ਦੌਰਾ ਕਿਸੇ ਵਿਸ਼ੇਸ਼ ਕਾਰਨਾਂ ਕਰਕੇ ਰੱਦ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਨਵੇਂ ਸਿਰੇ ਤੋਂ ਦੌਰੇ ਸਬੰਧੀ ਜਾਣਕਾਰੀ ਪਾਰਟੀ ਆਗੂਆਂ ਨੂੰ ਬਾਅਦ ਵਿੱਚ ਦਿੱਤੀ ਜਾਵੇਗੀ। ਉਧਰ ਹਰਸਿਮਰਤ ਕੌਰ ਬਾਦਲ ਦੇ ਰੱਦ ਹੋਏ ਦੌਰੇ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਚਿਤਾਵਨੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਬੀਬੀ ਬਾਦਲ ਦੇ ਘਿਰਾਓ ਲਈ ਅੱਜ ਮਾਨਸਾ ਜ਼ਿਲ੍ਹੇ ਦੀ ਹਦੂਦ ਅੰਦਰ ਪਿੰਡ ਭਾਈਦੇਸਾ ਵਿੱਚ ਇਕੱਠ ਕਰਕੇ ਕਿਸਾਨਾਂ, ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਬੀਤੇ ਦਿਨ ਫਿਰੋਜ਼ਪੁਰ ਵਿੱਚ ਵਾਪਰੀ ਘਟਨਾ ਲਈ ਉਹ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਲਖੀਮਪੁਰ ਖੀਰੀ ਵਾਂਗ ਹੀ ਫਿਰੋਜ਼ਪੁਰ ਵਿੱਚ ਕਿਸਾਨਾਂ ’ਤੇ ਗੋਲੀਬਾਰੀ ਕੀਤੀ ਗਈ। ਕਿਸਾਨ ਆਗੂ ਐਡਵੋਕੇਟ ਬਲਵੀਰ ਕੌਰ ਸਿੱਧੂ ਨੇ ਦੱਸਿਆ ਕਿ ਬੀਤੇ ਦਿਨ ਬੀਬਾ ਹਰਸਿਮਰਤ ਕੌਰ ਬਾਦਲ ਦਾ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਸੀ। ਇਸ ਦੌਰਾਨ ਕਿਸਾਨਾਂ ਨੇ ਹਰਸਿਮਰਤ ਕੌਰ ਨਾਲ ਸਵਾਲ ਕਰਨੇ ਸੀ ਪਰ ਇਸ ਦੌਰਾਨ ਅਕਾਲੀ ਆਗੂ ਵਰਦੇਵ ਸਿੰਘ ਮਾਨ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨ ਆਗੂਆਂ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ ਅਤੇ ਫਾਇਰਿੰਗ ਕੀਤੀ। ਉਨ੍ਹਾਂ ਕਿਹਾ ਕਿ ਅੱਜ ਹਰਸਿਮਰਤ ਕੌਰ ਨੇ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਨਾ ਸੀ ਪਰ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਬੀਬਾ ਬਾਦਲ ਨੇ ਮਾਨਸਾ ਜ਼ਿਲ੍ਹੇ ਦਾ ਦੌਰਾ ਰੱਦ ਕਰ ਦਿੱਤਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਹਰਸਿਮਰਤ ਕੌਰ ਬਾਦਲ ਦੀ ਅਰਥੀ ਸਾੜ ਕੇ ਇਕ ਘੰਟਾ ਮਾਨਸਾ-ਬਠਿੰਡਾ ਮੁੱਖ ਮਾਰਗ ਜਾਮ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਉੱਪਰ ਗੱਡੀ ਚੜ੍ਹਾਉਣ ਵਾਲੇ ਅਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨ, ਮਜ਼ਦੂਰ ਸ਼੍ਰੋਮਣੀ ਅਕਾਲੀ ਦਲ ਦਾ ਘਿਰਾਓ ਕਰਦੇ ਰਹਿਣਗੇ।