ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਸ਼ੁਰੂ ਹੋਣ ਵਾਲੇ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਹ ਖੇਡ ਮੇਲਾ ਕਰੀਬ ਦੋ ਮਹੀਨੇ ਚੱਲੇਗਾ। ਮੁੱਖ ਮੰਤਰੀ ਨੇ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖੇਡ ਕੁੰਭ ਦੀ ਕਾਮਯਾਬੀ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਇਸ ’ਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿਚ ਖੇਡ ਮੰਤਰੀ ਮੀਤ ਹੇਅਰ ਅਤੇ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਖਿਡਾਰੀਆਂ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪਹਿਲਾ ਅਜਿਹਾ ਮੇਲਾ ਹੋਵੇਗਾ, ਜਿਸ ਵਿੱਚ ਖਿਡਾਰੀਆਂ ਤੇ ਆਮ ਲੋਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ਵਿੱਚ ਭਾਗ ਲੈਣਗੇ।