ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਾਰਚ
ਪੰਜਾਬ ਦੇ ਸੀਨੀਅਰ ਆਈਏਐੱਸ ਅਧਿਕਾਰੀ ਏ. ਵੇਣੂ ਪ੍ਰਸਾਦ ਨੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਦਾ ਅਹੁਦਾ ਸਾਂਭ ਲਿਆ ਹੈ। ਰਾਜ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵੇਣੂਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ।
ਇਸ ਤੋਂ ਪਹਿਲਾਂ ਉਹ ਵਧੀਕ ਮੁੱਖ ਸਕੱਤਰ ਟੈਕਸੇਸ਼ਨ ਰਹੇ ਹਨ। ਉਸ ਤੋਂ ਪਹਿਲਾਂ ਪਾਵਰਕੌਮ ਦੇ ਚੇਅਰਮੈਨ ਕਮ ਮੈਨਜਿੰਗ ਡਾਇਰੈਕਟਰ ਦਾ ਅਹੁਦਾ ਵੀ ਸਾਂਭ ਚੁੱਕੇ ਹਨ। ਮਨੋਨੀਤ ਮੁੱਖ ਮੰਤਰੀ ਦੇ ਹਲਫ਼ਦਾਰੀ ਸਮਾਗਮ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋ ਰਹੀ ਤਿਆਰੀਆਂ ਦੀ ਦੇਖ-ਰੇਖ ਵੀ ਉਨ੍ਹਾਂ ਕੋਲ ਹੈ।
ਅਨਮੋਲ ਰਤਨ ਸਿੱਧੂ ਹੋ ਸਕਦੇ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਬਣਨ ਵਾਲੀ ਨਵੀਂ ਸਰਕਾਰ ਵੱਲੋਂ ਅਨਮੋਲ ਰਤਨ ਸਿੰਘ ਸਿੱਧੂ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅਧਿਕਾਰਤ ਹੁਕਮ ਸਰਕਾਰ ਵੱਲੋਂ ਜਾਰੀ ਨਹੀਂ ਕੀਤੇ ਗਏ ਹਨ ਪਰ ਸਿੱਧੂ ਨੂੰ ‘ਆਪ’ ਆਗੂਆਂ ਨੇ ਨਵੀਂ ਨਿਯੁਕਤੀ ਸਬੰਧੀ ਹਰੀ ਝੰਡੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। -ਟਨਸ