ਜੇਲ੍ਹਾਂ ’ਚ ਖੁੱਲ੍ਹਣਗੇ ਆਮ ਆਦਮੀ ਕਲੀਨਿਕ
ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਖੋਲ੍ਹੇ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਕੈਦੀਆਂ ਦੀ ਦੇਖ-ਭਾਲ ਲਈ ਕੇਂਦਰੀ ਜੇਲ੍ਹਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਪਾਇਲਟ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਕੈਦੀਆਂ ਨੂੰ ਮਾਨਸਿਕ ਸਿਹਤ ਸੰਭਾਲ ਸਮੇਤ ਵਿਆਪਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਬਾਰੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰੀਰਕ ਬਿਮਾਰੀਆਂ ਦੇ ਇਲਾਜ ਤੋਂ ਇਲਾਵਾ ਕੈਦੀਆਂ ਦੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਜ਼ਰੂਰੀ ਹੈ, ਜਦੋਂ ਕੋਈ ਕੈਦੀ ਜੇਲ੍ਹ ਵਿੱਚੋਂ ਬਾਹਰ ਜਾਂਦਾ ਹੈ ਤਾਂ ਉਹ ਸਰੀਰਕ ਅਤੇ ਮਾਨਸਿਕ ਪੱਖੋਂ ਸਿਹਤਮੰਦ ਹੋਣਾ ਚਾਹੀਦਾ ਹੈ।
ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਹਨ। 15 ਅਗਸਤ 2022 ਤੋਂ ਹੁਣ ਤੱਕ ਆਮ ਆਦਮੀ ਕਲੀਨਿਕਾਂ ’ਤੇ 4.20 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਕਰਵਾਇਆ ਹੈ। 2.29 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਵਿੱਚ ਟੈਸਟ ਕਰਵਾਏ ਹਨ।
ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਸਿਹਤ ਜਾਂਚ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਗਰਭ ਅਵਸਥਾ, ਹੈਪੇਟਾਈਟਸ-ਸੀ, ਐੱਚਆਈਵੀ-ਏਡਜ ਅਤੇ ਡੇਂਗੂ ਲਈ ਵਿਸ਼ੇਸ਼ ਟੈਸਟ ਸ਼ਾਮਲ ਹਨ।
