ਹਰਮੇਸ਼ਪਾਲ ਨੀਲੇਵਾਲ
ਜ਼ੀਰਾ, 23 ਅਗਸਤ
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੇਸ਼ੀ ਭੁਗਤਣ ਲਈ ਅੱਜ ਇੱਥੇ ਸਿਵਲ ਅਦਾਲਤ ਜ਼ੀਰਾ ਪਹੁੰਚੇ। ਜ਼ਿਕਰਯੋਗ ਹੈ ਕਿ ਦਸੰਬਰ 2017 ਵਿੱਚ ਪੰਚਾਇਤੀ ਚੋਣਾਂ ਦੌਰਾਨ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿੱਚ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਨਾਜਾਇਜ਼ ਤੌਰ ’ਤੇ ਖਾਰਜ ਕਰ ਦਿੱਤੀਆਂ ਗਈਆਂ ਸਨ। ਇਸ ਰੋਸ ਵਜੋਂ ਸ੍ਰੀ ਮਜੀਠੀਆ, ਸੁਖਬੀਰ ਸਿੰਘ ਬਾਦਲ ਅਤੇ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਨੰਬਰ 54 ’ਤੇ ਹਰੀਕੇ ਪੱਤਣ ਬੰਗਾਲੀ ਵਾਲਾ ਪੁਲ ਜਾਮ ਕੀਤਾ ਗਿਆ ਸੀ। ਇਸ ਸਬੰੰਧੀ 8 ਦਸੰਬਰ ਨੂੰ ਥਾਣਾ ਮੱਖੂ ਵਿੱਚ ਸ੍ਰੀ ਮਜੀਠੀਆ ਸਮੇਤ 49 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੇਸ਼ੀ ਭੁਗਤਣ ਲਈ ਉਹ ਅੱਜ ਇੱਥੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਵੱਲੋਂ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਸਬੰਧੀ ਪੁੱਛੇ ਸਵਾਲ ਬਾਰੇ ਮਜੀਠੀਆ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਢੰਗ ਸਹੀ ਨਹੀਂ ਸੀ।
ਉਨ੍ਹਾਂ ਕਿਹਾ ਕਿ ਸ੍ਰੀ ਆਸ਼ੂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਸਾਰੇ ਘਪਲੇ ਕੀਤੇ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਤਨਜ਼ ਕੱਸਦਿਆਂ ਕਿਹਾ ਕੀ ਆਮ ਆਦਮੀ ਪਾਰਟੀ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਮਾਪਿਆਂ ਦਾ ਸਰਵਣ ਪੁੱਤ ਸੀ ਅਤੇ ਆਮ ਆਦਮੀ ਪਾਰਟੀ ਵੱਲੋਂ ਉਸ ਦੀ ਸੁਰੱਖਿਆ ਵਾਪਸ ਲੈ ਕੇ ਇਸ਼ਤਿਹਾਰਬਾਜ਼ੀ ਕੀਤੀ ਗਈ ਅਤੇ ਅੱਜ ਸਿੱਧੂ ਮੂਸੇਵਾਲਾ ਇਸ ਦੁਨੀਆ ’ਤੇ ਨਹੀਂ ਰਿਹਾ।