ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਾਰਚ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੇ ਹਮਲੇ ਦਾ ਦੋਸ਼ ਭਾਜਪਾ ਸਿਰ ’ਤੇ ਲਾਉਣ ਨੂੰ ਘਟੀਆ ਰਾਜਨੀਤੀ ਕਰਾਰ ਦਿੱਤਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਉਸ ਦੇ ਆਗੂਆਂ ਨੂੰ ਵਿਧਾਨ ਸਭਾ ਵਿੱਚ ਕਸ਼ਮੀਰੀ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਬਣੀ ਫਿਲਮ ‘ਦਿ ਕਸ਼ਮੀਰ ਫਾਈਲਜ਼’ ਉੱਤੇ ਵਿਅੰਗ ਕਸਦਿਆਂ ਪੂਰੀ ਦੁਨੀਆਂ ਨੇ ਦੇਖਿਆ ਹੈ। ਕੇਜਰੀਵਾਲ ਕਹਿ ਰਹੇ ਹਨ ਕਿ ਇਸ ਫਿਲਮ ਨੂੰ ਟੈਕਸ ਮੁਕਤ ਬਣਾਉਣ ਦੀ ਬਜਾਇ ਯੂ-ਟਿਊਬ ’ਤੇ ਪਾ ਦਿੱਤਾ ਜਾਵੇ। ਸ਼ਰਮਾ ਨੇ ਸਵਾਲ ਕੀਤਾ ਕਿ ਜੇ ਇਹ ਫਿਲਮ ਯੂ-ਟਿਊਬ ’ਤੇ ਪਾਉਣੀ ਚਾਹੀਦੀ ਹੈ ਤਾਂ ਉਹ ਆਪਣੀ ਸਰਕਾਰ ਦੇ ਪ੍ਰਚਾਰ ’ਤੇ ਜਨਤਾ ਦੇ ਟੈਕਸ ਦੇ ਕਰੋੜਾਂ ਰੁਪਏ ਕਿਉਂ ਬਰਬਾਦ ਕਰ ਰਹੇ ਹਨ, ਉਹ ਪ੍ਰਚਾਰ ਵੀ ਯੂ-ਟਿਊਬ ਰਾਹੀਂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕੇਜਰੀਵਾਲ, ਭਗਵੰਤ ਮਾਨ ਤੇ ਪਾਰਟੀ ਹੋਰ ਆਗੂ ਪਿਛਲੇ ਸਮੇਂ ਵਿਚ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦੇ ਰਹੇ ਸਨ ਕਿ ਸਰਕਾਰ ਉਨ੍ਹਾਂ ਨੂੰ ਦਿੱਲੀ ਵਿਚ ਕੰਮ ਨਹੀਂ ਕਰਨ ਦਿੰਦੀ, ਜਦਕਿ ਕੇਜਰੀਵਾਲ ਸਰਕਾਰ ਦਿੱਲੀ ਨੂੰ ਦੀਵਾਲੀਆ ਬਣਾਉਣ ’ਤੇ ਤੁਲੀ ਹੋਈ ਹੈ। ਅੱਜ ਦਿੱਲੀ ਦਾ ਜਲ ਵਿਭਾਗ 57,000 ਕਰੋੜ ਰੁਪਏ ਦੇ ਕਰਜ਼ੇ ਹੇਠ ਦਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕਰਨ ਦੇ ਦਾਅਵੇ ਕਰਦੇ ਸਨ ਪਰ ਚੋਣ ਜਿੱਤਣ ਮਗਰੋਂ ਮੁੱਖ ਮੰਤਰੀ ਖ਼ੁਦ ਪ੍ਰਧਾਨ ਮੰਤਰੀ ਕੋਲ ਵਿੱਤੀ ਮਦਦ ਮੰਗਣ ਪੁੱਜ ਗਏ ਹਨ।