ਪੱਤਰ ਪ੍ਰੇਰਕ
ਮੋਰਿੰਡਾ, 14 ਜਨਵਰੀ
ਪੰਜਾਬ ਵਿੱਚ ਕਰੋਨਾ ਮਹਾਮਾਰੀ ਕਾਰਨ ਸਰਕਾਰ ਵੱਲੋਂ ਰੈਲੀਆਂ, ਇਕੱਠਾਂ ਅਤੇ ਹੋਰ ਸਮਾਗਮਾਂ ’ਤੇ ਰੋਕ ਲਗਾਈ ਹੋਈ ਹੈ। ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ’ਤੇ ਦੋਸ਼ ਲਾਇਆ ਕਿ ਉਨ੍ਹਾਂ ਮੋਰਿੰਡਾ ਸਥਿਤ ਆਪਣੇ ਘਰ ਵਿੱਚ ਸੈਂਕੜੇ ਲੋਕਾਂ ਨੂੰ ਬੁਲਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਪੰਜ-ਦਸ ਬੰਦਿਆਂ ਨੂੰ ਲੈ ਕੇ ਚੋਣ ਪ੍ਰਚਾਰ ਕਰਦੇ ਹਨ ਤਾਂ ਚੋਣ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਨੋਟਿਸ ਕੱਢ ਦਿੱਤਾ ਜਾਂਦਾ ਹੈ, ਜਦਕਿ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਗਏ ਇਕੱਠ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਘਰ ਕੀਤੇ ਗਏ ਇਕੱਠ ਦਾ ਨੋਟਿਸ ਲੈਣਾ ਚਾਹੀਦਾ ਹੈ ਤੇ ਸਾਰੀਆਂ ਪਾਰਟੀਆਂ ਲਈ ਇੱਕੋ ਕਾਨੂੰਨ ਹੋਣਾ ਚਾਹੀਦਾ ਹੈ।